ਪਾਕਿਸਤਾਨ ਦੀ ਵੱਖਵਾਦੀ ਚਾਲ ਡਾ. ਮਨਮੋਹਨ ਸਿੰਘ ਨੇ ਕੀਤੀ ਨਾਕਾਮ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਦੀ ਉਹ ਚਾਲ ਨਾਕਾਮ ਕਰ ਦਿੱਤੀ ਹੈ; ਜਿਸ ਰਾਹੀਂ ਭਾਰਤ ਵਾਸੀਆਂ ਵਿੱਚ ਵੰਡੀਆਂ ਪਾਉਣ ਦੀ ਸਾਜ਼ਿਸ਼ ਰਚੇ ਜਾਣ ਦੀ ਸੰਭਾਵਨਾ ਸੀ। ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਦਾ ਸੱਦਾ–ਪੱਤਰ ਮਿਲਣ ਤੋਂ ਪਹਿਲਾਂ ਹੀ ਰੱਦ ਕਰ ਦਿੱਤਾ ਹੈ। ਪਾਕਿਸਤਾਨ ਹੁਣ ਕਰਤਾਰਪੁਰ ਸਾਹਿਬ ਦੇ ਬਹਾਨੇ ਇੱਕ ਨਵੀਂ ਚਾਲ ਚੱਲਣ ਜਾ ਰਿਹਾ ਸੀ। ਇਮਰਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ, ਸਗੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਾ–ਪੱਤਰ ਭੇਜਣ ਦੀ ਗੱਲ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਮਰਾਨ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਇਸ ਪਵਿੱਤਰ ਲਾਂਘੇ ਦੇ ਉਦਘਾਟਨ ਲਈ ਡਾ. ਮਨਮੋਹਨ ਸਿੰਘ ਨੂੰ ਸੱਦਣ ਦੀ ਯੋਜਨਾ ਉਲੀਕ ਰਹੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੱਸਿਆ ਸੀ ਕਿ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸੱਦਾ–ਪੱਤਰ ਭੇਜਣਗੇ। ਉਨ੍ਹਾਂ ਕਿਹਾ ਸੀ ਕਿ ਡਾ. ਮਨਮੋਹਨ ਸਿੰਘ ਸਿੱਖ ਭਾਈਚਾਰੇ ਦੀ ਵੀ ਨੁਮਾਇੰਦਗੀ ਕਰਦੇ ਹਨ। ਇੱਥੇ ਵਰਨਣਯੋਗ ਹੈ ਕਿ ਭਾਰਤੀ ਸਿੱਖ ਤੀਰਥ–ਯਾਤਰੀਆਂ ਲਈ ਕਰਤਾਰਪੁਰ ਸਾਹਿਬ ਲਾਂਘਾ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ। ਦਰਅਸਲ, ਆਉਂਦੀ 12 ਨਵੰਬਰ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਦੇਸ਼–ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਦੇ ਉੱਥੇ ਪੁੱਜਣ ਦੀ ਆਸ ਹੈ।