ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਇਕ ਅਹਿਮ ਬਿਲ ਨੂੰ ਮਿਲੀ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਬੇਅਦਬੀ ਦੀਆਂ ਘਟਨਾਵਾਂ ਰੋਕਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਇਕ ਅਹਿਮ ਬਿਲ ਨੂੰ ਪ੍ਰਵਾਨਗੀ ਮਿਲ ਗਈ ਹੈ ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇੱਕ ਅਹਿਮ ਬਿੱਲ ਪੇਸ਼ ਕੀਤਾ ਗਿਆ ਨੂੰ ਸਦਨ ਦੀ ਕਾਰਵਾਈ ਦੌਰਾਨ ਸਾਰੇ ਮੈਂਬਰਾਂ ਨੇ ਇਕਜੁੱਟਤਾ ਦਿਖਾਈ ਅਤੇ ਸਹਿਮਤੀ ਪ੍ਰਗਟਾਈ ਗਈ । ਬਿੱਲ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ 7 ਤੋਂ 20 ਸਾਲ ਤੱਕ ਦੀ ਕੈਦ ਹੋ ਸਕਦੀ ਹੈ ਤੇ ਜੇਕਰ ਸਾਜ਼ਿਸ਼ ਅਧੀਨ ਬੇਅਦਬੀ ਕੀਤੀ ਤਾਂ ਫਿਰ ਘੱਟ ਤੋਂ ਘੱਟ 10 ਸਾਲ ਦੀ ਸਜ਼ਾ ਹੋਵੇਗੀ ।ਅੱਜ ਹੋਏ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਦੇਸ਼ ਅਤੇ ਸੂਬੇ ਦੀਆਂ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਅਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਜੋ ਪਿਛਲੇ ਸਮੇਂ ਦੌਰਾਨ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ । ਸਮੁੱਚੇ ਸਦਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਯਾਦ ਕੀਤਾ । ਸ਼ਰਧਾਂਜਲੀ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ  ਨੇ ਬੇਅਦਬੀ ਵਿਰੋਧੀ ਬਿੱਲ ਸਦਨ ਦੇ ਸਾਰੇ ਮੈਂਬਰਾਂ ਨੂੰ ਪੜ੍ਹ ਕੇ ਸੁਣਾਇਆ । ਬਿੱਲ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕਦਮ ਧਾਰਮਿਕ ਗ੍ਰੰਥਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਸਮਾਜਿਕ ਭਾਈਚਾਰੇ ਨੂੰ ਵਿਗਾੜਨ ਵਾਲੀਆਂ ਤਾਕਤਾਂ ਨੂੰ ਨੱਥ ਪਾਉਣ ਲਈ ਚੁੱਕਿਆ ਗਿਆ ਹੈ ।