ਹਰਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਭਾਈ ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ’ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ ਗੜ੍ਹੀ ਕੋਲ ਅਣ-ਪਛਾਤੇ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ। ਪਰੰਤੂ ਇਸ ਦੇ ਦੋਸ਼ੀਆਂ ਨੂੰ ਅਜੇ ਤੀਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਜਲਦ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖੇਗੀ।