ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗੇਗੀ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ: ਭਾਈ ਲੌਂਗੋਵਾਲ

ਹਾਕੀ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਵਾਲੇ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਹੁਣ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਹੋਵੇਗੀ। ਇਹ ਐਲਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਓਲੰਪਿਕ ਖੇਡਾਂ ਵਿੱਚ ਤਿੰਨ ਵਾਰ ਭਾਰਤ ਲਈ ਸੋਨੇ ਦਾ ਤਗ਼ਮਾ ਜਿੱਤਣ ਵਾਲੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੇਸ਼ ਭਰ ਵਿੱਚ ਵੱਡੇ ਪੱਧਰ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਬਲਬੀਰ ਸਿੰਘ ਸੀਨੀਅਰ ਨੇ ਹਾਕੀ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਕੇ ਸਿੱਖ ਕੌਮ ਤੇ ਦੇਸ਼ ਦਾ ਮਾਣ ਵਧਾਇਆ। ਉਨ੍ਹਾਂ ਦਾ ਜੀਵਨ ਸਿੱਖ ਨੌਜਵਾਨੀ ਲਈ ਪ੍ਰੇਰਣਾ ਸਰੋਤ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਤਿਕਾਰ ਦੇਣ ਵਾਸਤੇ ਉਨ੍ਹਾਂ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿੱਚ ਲਗਾਈ ਜਾਵੇਗੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਸੇਧ ਲੈ ਸਕਣ।