267 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ‘ਚ ਜਥੇਦਾਰ ਅਕਾਲ ਤਖਤ ਨੂੰ ਜਾਂਚ ਕਰਾਉਣ ਦੀ ਅਪੀਲ

ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ’ਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦੀ ਜਾਂਚ ਹੁਣ ਅਕਾਲ ਤਖਤ ਦੇ ਜਥੇਦਾਰ ਵਲੋਂ ਕਰਾਈ ਜਾਵੇਗੀ। ਸ਼੍ਰੋਮਣੀ ਕਮੇਟੀ ਨੇ ਅੱਜ ਇਸ ਸਬੰਧ ਪੱਤਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਭੇਜਿਆ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਉਹ ਅੱਜ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸੱਦੀ ਗਈ ਹੰਗਾਮੀ ਮੀਟਿੰਗ ਵਿਚ ਹਿੱਸਾ ਲੈਣ ਆਏ ਸਨ। ਦੱਸਣਯੋਗ ਹੈ ਕਿ ਬੀਤੇ ਦਿਨ ਇਹ ਮਾਮਲਾ ਉਸ ਵੇਲੇ ਉਭਰ ਕੇ ਸਾਹਮਣੇ ਆਇਆ ਸੀ ਜਦੋਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਉਚ ਪੱਧਰੀ ਜਾਂਚ ਕਰਾਉਣ ਦੀ ਅਪੀਲ ਕੀਤੀ ਸੀ। ਦੱਸਣਾ ਬਣਦਾ ਹੈ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਲਈ ਬਣਾਈ ਕਮੇਟੀ ਦੇ ਮੈਂਬਰਾਂ ’ਤੇ ਇਤਰਾਜ਼ ਜਤਾਇਆ ਸੀ। ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕੀਤੇ ਫੈਸਲੇ ਅਨੁਸਾਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਖੁਦ ਕਰਾਉਣ। ਇਹ ਜਾਂਚ ਕਿਸੇ ਸੀਨੀਅਰ ਸਿੱਖ ਜੱਜ (ਸੇਵਾਮੁਕਤ) ਜਾਂ ਕਿਸੇ ਹੋਰ ਪ੍ਰਮੁੱਖ ਸ਼ਖਸੀਅਤ ਕੋਲੋਂ ਕਰਾਈ ਜਾਵੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਬਲੀਕੇਸ਼ਨ ਵਿਭਾਗ, ਜਿਲਦਬੰਦੀ ਵਿਭਾਗ ਅਤੇ ਇਸ ਨਾਲ ਜੁੜੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਤਬਦੀਲ ਕਰਨ ਦੇ ਆਦੇਸ਼ ਦਿੱਤੇ ਹਨ।