ਸਰਕਾਰ ਵੱਲੋਂ ਬਰਗਾੜੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਬੀਆਈ ਵਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਦਾਇਰ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤਕ ਕੇਸ ਦਾਇਰ ਕਰਨ ਲਈ ਆਖ ਦਿੱਤਾ ਹੈ। ਇਸ ਦੌਰਾਨ ਕੁਝ ਕਾਂਗਰਸੀ ਵਿਧਾਇਕ ਇਸ ਮੁੱਦੇ ’ਤੇ ਮਤਾ ਲਿਆਉਣ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ, ਐਡਵੋਕੇਟ ਜਨਰਲ ਅਤੁਲ ਨੰਦਾ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਲੋਜ਼ਰ ਰਿਪੋਰਟ ਨੂੰ ਛੇਤੀ ਚੁਣੌਤੀ ਦੇਣ ਲਈ ਕਿਹਾ ਹੈ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਆਪਣੀ ਸਥਿਤੀ ਸਪੱਸ਼ਟ ਨਹੀਂ ਹੈ ਤੇ ਪੁਲੀਸ ਹੈੱਡਕੁਆਟਰ, ਐਡਵੋਕੇਟ ਜਨਰਲ ਅਤੇ ਮੁੱਖ ਮੰਤਰੀ ਦੇ ਬਿਆਨਾਂ ਵਿੱਚ ਤਾਲਮੇਲ ਦੀ ਘਾਟ ਸਾਫ਼ ਨਜ਼ਰ ਆਉਂਦੀ ਹੈ। ਇਸ ਮੁੱਦੇ ਨੂੰ ਲੈ ਕੇ ਕਈ ਕਾਂਗਰਸੀ ਵਿਧਾਇਕ ਨਾਰਾਜ਼ ਹਨ ਤੇ ਉਹ ਚਾਹੁੰਦੇ ਹਨ ਕਿ ਸਰਕਾਰ ਬਰਗਾੜੀ ਮੁੱਦੇ ’ਤੇ ਸਖ਼ਤ ਕਾਰਵਾਈ ਕਰਕੇ ਆਪਣੇ ਵਾਅਦੇ ਨੂੰ ਪੂਰਾ ਕਰੇ। ਉਹ ਇਸ ਮੁੱਦੇ ’ਤੇ ਮਤਾ ਲਿਆਉਣ ਬਾਰੇ ਵੀ ਵਿਚਾਰ ਕਰ ਰਹੇ ਹਨ। ਇਹ ਮਤਾ ਸਪੀਕਰ ਨੂੰ ਦਿੱਤਾ ਜਾਵੇਗਾ ਜਿਸ ਤਹਿਤ ਉਹ ਸਬੰਧਤ ਪੁਲੀਸ ਅਧਿਕਾਰੀ ਵਿਰੁੱਧ ਕਾਰਵਾਈ ਕਰ ਸਕਦੇ ਹਨ। ਇਕ ਸੀਨੀਅਰ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਹਰ ਹਾਲ ਕਾਰਵਾਈ ਚਾਹੁੰਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਵਿੱਚ ਚਲ ਰਹੀਆਂ ਗੜਬੜੀਆਂ ਬਾਰੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਕਰਕੇ ਜਾਣਕਾਰੀ ਹਾਸਲ ਕੀਤੀ ਤੇ ਇਕ ਅਧਿਕਾਰੀ ਵਿਰੁਧ ਕਾਰਵਾਈ ਕਰਨ ਦਾ ਫੈਸਲਾ ਕੀਤਾ।