ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਗੁਰੂ ਨਾਨਕ ਨੂੰ ਹੋਵੇਗਾ ਸਮਰਪਿਤ

ਪਾਕਿਸਤਾਨ ਨੇ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਗੁਰੂ ਨਾਨਕ ਦੇਵ ਦੇ ਨਾਂ ਉੱਤੇ ਰੱਖਣ ਦਾ ਐਲਾਨ ਕੀਤਾ ਹੈ। ਰੇਲ ਮੰਤਰੀ ਸ਼ੇਖ਼ ਰਸ਼ੀਦ ਨੇ ਐਤਵਾਰ ਨੂੰ ਰੇਲਵੇ ਸਟੇਸ਼ਨ ਦਾ ਨਿਰੀਖ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪਾਕਿ ਦੇ ਸਭ ਤੋਂ ਵਧੀਆ ਸਟੇਸ਼ਨਾਂ ਦੀ ਤਰਜ ’ਤੇ ਤਿਆਰ ਕੀਤਾ ਜਾਵੇਗਾ। ਇਸ ਨਾਲ ਮੁਲਕ ਵਿਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹ ਮਿਲੇਗਾ। ਮੰਤਰੀ ਨੇ ਕਿਹਾ ਕਿ ਮੁਸਾਫ਼ਰਾਂ ਦੀ ਪ੍ਰੇਸ਼ਾਨੀ ਘਟਾਉਣ ਲਈ ਰੇਲਗੱਡੀਆਂ ਵਿਚ ਹੋਰ ਬੋਗੀਆਂ ਜੋੜੀਆਂ ਜਾਣਗੀਆਂ। ਇਕ ਨਵੀਂ ਰੇਲਗੱਡੀ ‘ਬਾਬਾ ਗੁਰੂ ਨਾਨਕ’ ਵੀ ਲਾਹੌਰ ਤੋਂ ਨਨਕਾਣਾ ਸਾਹਿਬ ਲਈ ਜਲਦੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਦੇ ਸੁੰਦਰੀਕਰਨ ਦਾ ਕਾਰਜ 30 ਅਕਤੂਬਰ ਤੱਕ ਮੁਕੰਮਲ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸ ਦਾ ਉਦਘਾਟਨ ਕਰਨਗੇ।