ਗਿਆਨੀ ਰਣਜੀਤ ਸਿੰਘ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਅੱਜ ਹੋਈ ਮੀਟਿੰਗ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦੀ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਨੂੰ ਧਾਰਮਿਕ ਆਗੂਆਂ ਵਲੋਂ ਸਿਰੋਪਾਓ ਦਿੱਤੇ ਗਏ। ਗਿਆਨੀ ਇਕਬਾਲ ਸਿੰਘ ਦੇ ਅਸਤੀਫੇ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਰਾਜਿੰਦਰ ਸਿੰਘ ਨੂੰ ਜਥੇਦਾਰ ਬਣਾਇਆ ਗਿਆ ਸੀ ਅਤੇ ਹੁਣ ਗਿਆਨੀ ਰਣਜੀਤ ਸਿੰਘ ਨੂੰ ਪੱਕੇ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਗਿਆਨੀ ਇਕਬਾਲ ਸਿੰਘ ਦੇ ਅਸਤੀਫੇ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਵਾਸਤੇ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਨ੍ਹਾਂ ਇਸ ਸਬੰਧ ਵਿਚ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਲੋਂ ਵੱਖ ਵੱਖ ਸਿੱਖ ਵਿਦਵਾਨਾਂ ਦੇ ਨਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਗਿਆਨੀ ਰਣਜੀਤ ਸਿੰਘ ਦੇ ਨਾਂ ਦੀ ਤਜਵੀਜ਼ ਭੇਜੀ ਗਈ ਸੀ ਜਿਸ ਨੂੰ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਹੈ ਅਤੇ ਬਤੌਰ ਜਥੇਦਾਰ ਐਲਾਨਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਰਣਜੀਤ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਓ ਵੀ ਭੇਟ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਅਕਾਲ ਤਖ਼ਤ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਮ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਕਾਰਜਕਾਰੀ ਜਥੇਦਾਰ ਰਾਜਿੰਦਰ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਬਾਲ ਲੀਲਾ ਵਿਖੇ ਮੱਥਾ ਟੇਕਣ ਉਪਰੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਹੋਰਨਾਂ ਨੇ ਉਨ੍ਹਾਂ ਨੂੰ ਸਿਰੋਪਾਓ ਦਿੱਤੇ।