ਭਾਰੀ ਮਾਤਰਾ ‘ਚ ਹੈਰੋਇਨ , ਪਿਸਤੌਲ ਤੇ ਕਾਰਤੂਸ ਸਮੇਤ 10 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਸੰਗਠਿਤ ਗਿਰੋਹਾਂ ਨੂੰ ਗ੍ਰਿਫ਼ਤਾਰ ਕੀਤਾ। ਕਾਰਵਾਈ ਵਿੱਚ 10 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਅਤੇ ਭਾਰੀ ਮਾਤਰਾ ਵਿੱੱਚ ਹੈਰੋਇਨ,ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ।ਪੁਲਿਸ ਅਨੁਸਾਰ, ਮੁਲਜ਼ਮਾਂ ਤੋਂ 5.438 ਕਿਲੋ ਹੈਰੋਇਨ, ਤਿੰਨ ਆਧੁਨਿਕ ਹਥਿਆਰ – ਇੱਕ ਗਲੌਕ 9mm, ਇੱਕ ਜ਼ਿਗਾਨਾ 9mm, ਅਤੇ ਇੱਕ .32 ਬੋਰ ਪਿਸਤੌਲ – ਅਤੇ 34 ਜ਼ਿੰਦਾ ਕਾਰਤੂਸ, ਨਕਦੀ ਸਮੇਤ, ਬਰਾਮਦ ਕੀਤੇ ਗਏ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਹੈਰੋਇਨ ਅਤੇ ਹਥਿਆਰ ਪਹਿਲਾਂ ਭਾਰਤੀ ਸਰਹੱਦ ਪਾਰੋਂ ਤਸਕਰੀ ਕੀਤੇ ਜਾਂਦੇ ਸਨ ਅਤੇ ਫਿਰ ਨੈੱਟਵਰਕ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਵੰਡੇ ਜਾਂਦੇ ਸਨ।ਪੁਲਿਸ ਨੇ ਐਨ.ਡੀ.ਪੀ.ਐਸ. ਅਤੇ ਅਸਲਾ ਐਕਟਾਂ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਹਨ ਅਤੇ ਹੁਣ ਗਿਰੋਹ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ “ਜ਼ੀਰੋ ਟਾਲਰੈਂਸ ਨੀਤੀ” ਲਾਗੂ ਹੈ ਅਤੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਇਸ ਕਾਰਵਾਈ ਨੂੰ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ ਅਤੇ ਜਲਦੀ ਹੀ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਜਾਵੇਗਾ।