ਅੰਮ੍ਰਿਤਸਰ ਦੇ ਧਾਰੀਵਾਲ ਬੱਗਾ ਨੇੜੇ ਤੇਜ਼ ਰਫ਼ਤਾਰ ਬੋਲੈਰੋ ਨੇ ਮੋਟਰਸਾਈਕਲ ਨੂੰ ਮਾਰੀ ਜ਼ੋਰਦਾਰ ਟੱਕਰ, 1 ਨੌਜਵਾਨ ਦੀ ਮੌਤ

ਅੰਮ੍ਰਿਤਸਰ : ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਬੀਤੀ ਰਾਤ ਧਾਰੀਵਾਲ ਬੱਗਾ ਨੇੜੇ ਉਸ ਸਮੇਂ ਵਾਪਰਿਆ, ਜਦੋਂ ਨੌਜਵਾਨ ਮੋਟਰਸਾਈਕਲ ‘ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ। ਉਸਨੂੰ ਇੱਕ ਤੇਜ਼ ਰਫ਼ਤਾਰ ਬੋਲੈਰੋ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਲੱਲਾ ਅਫਗਾਨਾ ਨਿਵਾਸੀ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਸ਼ਮਸ਼ੇਰ ਸਿੰਘ ਬੀਤੀ ਦੇਰ ਰਾਤ ਲਗਭਗ 10 ਵਜੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਸਬਾ ਓਠੀਆਂ ਸ਼ਹਿਰ ਤੋਂ ਆਪਣੇ ਪਿੰਡ ਜਾ ਰਿਹਾ ਸੀ। ਜਦੋਂ ਉਹ ਧਾਰੀਵਾਲ ਬੱਗਾ ਬੱਸ ਅੱਡੇ ‘ਤੇ ਪਹੁੰਚਿਆ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਵਿੱਚ ਆ ਰਹੀ ਇੱਕ ਬੋਲੈਰੋ ਕਾਰ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।ਹਾਦਸਾ ਇੰਨਾ ਭਿਆਨਕ ਸੀ ਕਿ ਸ਼ਮਸ਼ੇਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੋਲੈਰੋ ਚਾਲਕ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ੇਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਮਾਤਮ ਛਾਂ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਸਮੀਖਿਆ ਕਰ ਰਹੀ ਹੈ ਅਤੇ ਫਰਾਰ ਬੋਲੈਰੋ ਡਰਾਈਵਰ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।