ਸਰਹੱਦੀ ਖੇਤਰ ‘ਚ ਏ.ਕੇ-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ, ਇੱਕ ਬੁਲੇਟ ਪਰੂਫ਼ ਜੈਕੇਟ ਤੇ 368 ਜਿੰਦਾ ਕਾਰਤੂਸ ਸਮੇਤ ਇੱਕ ਗ੍ਰਿਫ਼ਤਾਰ
ਅਜਨਾਲਾ: ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਬੀ.ਐਸ.ਐਫ. ਦੀ 117ਵੀਂ ਬਟਾਲੀਅਨ ਨੇ ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜਿਓਂ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ।ਜਾਣਕਾਰੀ ਮੁਤਾਬਕ ਬੀਤੀ ਰਾਤ ਬੀ.ਐੱਸ.ਐੱਫ. ਨੂੰ ਇਕ ਖਾਸ ਖੁਫੀਆ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ‘ਤੇ 117ਵੀਂ ਬਟਾਲੀਅਨ ਦੇ ਜਵਾਨਾਂ ਨੇ ਥਾਣਾ ਅਜਨਾਲਾ, ਅੰਮ੍ਰਿਤਸਰ ਦੇਹਾਤ ਅਧੀਨ ਪੈਂਦੇ ਪਿੰਡ ਹਰੜ ਖੁਰਦ ‘ਚ ਤਲਾਸ਼ੀ ਮੁਹਿੰਮ ਚਲਾਈ। ਇਸ ਕਾਰਵਾਈ ਦੌਰਾਨ ਇੱਕ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਹੋਈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏ.ਕੇ-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ, ਇੱਕ ਬੁਲੇਟ ਪਰੂਫ਼ ਜੈਕੇਟ ਅਤੇ 368 ਜਿੰਦਾ ਕਾਰਤੂਸ ਸ਼ਾਮਲ ਹਨ। ਬੀ.ਐਸ.ਐਫ. ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਇਸ ਸਮੇਂ 117ਵੀਂ ਬਟਾਲੀਅਨ ਦੀ ਹਿਰਾਸਤ ਵਿੱਚ ਹੈ ਅਤੇ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇੰਨੇ ਵੱਡੇ ਪੱਧਰ ‘ਤੇ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਅਤੇ ਇਸ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਇਸ ਪੂਰੇ ਨੈੱਟਵਰਕ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਇਸ ਦੇ ਨਾਲ ਹੀ ਬੀ.ਐਸ.ਐਫ. ਨੇ ਸਰਹੱਦੀ ਖੇਤਰ ਵਿੱਚ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ।
SikhDiary