ਸਰਵਣ ਸਿੰਘ ਪੰਧੇਰ ਨੇ 31 ਅਗਸਤ ਨੂੰ ਡੀ.ਸੀ. ਦਫਤਰਾਂ ਦੇ ਬਾਹਰ ਧਰਨਾ ਦੇਣ ਦਾ ਕੀਤਾ ਐਲਾਨ

ਜਲੰਧਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੇ 31 ਅਗਸਤ ਨੂੰ ਡੀਸੀ. ਦਫਤਰਾਂ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨਾਂ-ਮਜ਼ਦੂਰਾਂ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਅੰਦੋਲਨ ਨੂੰ ਅੱਗੇ ਤੋਰਿਆ ਜਾਵੇਗਾ। ਪੰਧੇਰ ਨੇ ਕਿਹਾ ਕਿ 24 ਅਗਸਤ ਤੋਂ ਮੰਤਰੀਆਂ ਦੇ ਘਰਾਂ ਦੇ ਬਾਹਰ ਪੰਜ ਰੋਜ਼ਾ ਧਰਨੇ ਸ਼ੁਰੂ ਕੀਤੇ ਜਾਣਗੇ ਇਸ ਤੋਂ ਬਾਅਦ 31 ਅਗਸਤ ਨੂੰ ਡੀ.ਸੀ ਦਫ਼ਤਰਾਂ ਦੇ ਬਾਹਰ ਧਰਨਾ ਦੇ ਕੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਜਾਣਗੀਆਂ।ਉਨ੍ਹਾਂ ਪੰਜਾਬ ਦੇ ਡੈਮਾਂ ਵਿੱਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ’ਤੇ ਵੀ ਚਿੰਤਾ ਪ੍ਰਗਟਾਈ। ਉਸ ਦਾ ਕਹਿਣਾ ਹੈ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਨੂੰ ਸਮੇਂ ਸਿਰ ਠੋਸ ਪ੍ਰਬੰਧ ਕਰਨੇ ਚਾਹੀਦੇ ਹਨ। ਪੰਧੇਰ ਨੇ ਖੰਡ ਦੀਆਂ ਵਧਦੀਆਂ ਕੀਮਤਾਂ ਅਤੇ ਪੰਜਾਬ ਦੀਆਂ ਵੱਡੀਆਂ ਖੰਡ ਮਿੱਲਾਂ ਦੇ ਬੰਦ ਹੋਣ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੰਦ ਪਈਆਂ ਖੰਡ ਮਿੱਲਾਂ ਨੂੰ ਚਾਲੂ ਕਰਵਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਬਣਦਾ ਮੁਨਾਫ਼ਾ ਦਿੱਤਾ ਜਾਵੇ। ਵਰਨਣਯੋਗ ਹੈ ਕਿ ਕਿਸਾਨ ਆਗੂ ਪੰਧੇਰ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਅੰਦੋਲਨਾਂ ਅਤੇ ਪ੍ਰਦਰਸ਼ਨਾਂ ਦੀ ਅਗਵਾਈ ਕਰਦੇ ਰਹੇ ਹਨ।