ਪਠਾਨਕੋਟ-ਜਲੰਧਰ ਰੇਲਵੇ ਸੈਕਸ਼ਨ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ

ਪਠਾਨਕੋਟ : ਪਠਾਨਕੋਟ-ਜਲੰਧਰ ਰੇਲਵੇ ਸੈਕਸ਼ਨ ‘ਤੇ ਬੀਤੇ ਦਿਨ ਇੱਕ ਦਰਦਨਾਕ ਹਾਦਸੇ ਵਿੱਚ ਟ੍ਰੇਨ ਦੀ ਚਪੇਟ ਵਿੱਚ ਆਉਣ ਨਾਲ ਲਗਭਗ 40 ਸਾਲਾ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜੀ.ਆਰ.ਪੀ. ਪੁਲਿਸ ਨੇ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ 72 ਘੰਟਿਆਂ ਦੇ ਲਈ ਰੱਖਿਆ ਗਿਆ ਹੈ।ਜਾਣਕਾਰੀ ਦੇ ਅਨੁਸਾਰ, ਇਹ ਹਾਦਸਾ ਪਠਾਨਕੋਟ ਅਤੇ ਕੰਦਰੌਰੀ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਕਿਲੋਮੀਟਰ ਨੰਬਰ 110 ਦੇ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਦੇ ਓਵਰਹੈੱਡ ਤਾਰਾਂ ਦੀ ਜਾਂਚ ਦਾ ਕੰਮ ਚੱਲ ਰਿਹਾ ਸੀ ਅਤੇ ਰੇਲਵੇ ਕਰਮਚਾਰੀ ਇੰਜਣ ਦੇ ਉੱਪਰ ਤਾਰਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ, ਵਿਅਕਤੀ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ, ਜ਼ਖਮੀ ਵਿਅਕਤੀ ਨੂੰ ਇਲਾਜ ਲਈ ਪਠਾਨਕੋਟ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਠਾਨਕੋਟ ਜੀ.ਆਰ.ਪੀ. ਚੌਕੀ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸਦੀ ਉਮਰ ਲਗਭਗ 40 ਸਾਲ ਜਾਪਦੀ ਹੈ। ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਤਾਂ ਜੋ ਪਰਿਵਾਰਕ ਮੈਂਬਰ ਜਾਂ ਜਾਣਕਾਰ ਉਸਦੀ ਪਛਾਣ ਕਰ ਸਕਣ। ਪੁਲਿਸ ਮ੍ਰਿਤਕ ਦੀ ਪਛਾਣ ਲਈ ਜ਼ਰੂਰੀ ਕਦਮ ਚੁੱਕ ਰਹੀ ਹੈ।