ਗੁ. ਗੋਬਿੰਦਪੁਰਾ ਸਾਹਿਬ ਵਿਖੇ 422ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ, ਅਮਨ ਅਰੋੜਾ ਨੇ ਕੀਤੀ ਸ਼ਿਰਕਤ
ਸੁਨਾਮ ਊਧਮ ਸਿੰਘ ਵਾਲਾ: ਗੁਰਦੁਆਰਾ ਗੋਬਿੰਦਪੁਰਾ ਸਾਹਿਬ ਪਾਤਸ਼ਾਹੀ ਦਸਵੀਂ, ਕੋਕੋ ਮਾਜਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 422ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ‘ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਮੁਹੱਲਾ ਵਾਸੀਆਂ ਅਤੇ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਬਣਾਏ ਜਾ ਰਹੇ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਨੀਂਹ ਪੱਥਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰੱਖਿਆ ਗਿਆ। ਇਸ ਦੌਰਾਨ ਧਾਰਮਿਕ ਮਰਿਆਦਾ ਅਨੁਸਾਰ ਸਮਾਗਮ ਕਰਵਾਇਆ ਗਿਆ ਅਤੇ ਸੰਗਤਾਂ ਨੇ ਸ਼ਰਧਾ ਨਾਲ ਹਿੱਸਾ ਲਿਆ। ਸਮਾਗਮ ਦੌਰਾਨ ਰਾਗੀ ਜਥੇ ਵੱਲੋਂ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਮੌਕੇ ਨਵੇਂ ਬਣ ਰਹੇ ਗੁਰੂ ਘਰ ਦੀ ਸੇਵਾ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ।ਇਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਪੀਏ ਸੰਜੀਵ ਕੁਮਾਰ ਸੰਜੂ, ਬਲਾਕ ਪ੍ਰਧਾਨ ਸਾਹਿਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਐਮ.ਸੀ., ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਮੈਂਬਰ ਮੌਜੂਦ ਰਹੇ।ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿੱਚ ਹਾਜ਼ਰੀ ਭਰ ਕੇ ਲੰਗਰ ਛਕਿਆ। ਪੂਰਾ ਸਮਾਗਮ ਧਾਰਮਿਕ ਸ਼ਰਧਾ, ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਸੰਪੰਨ ਹੋਇਆ।
SikhDiary