ਮੋਹਨਜੀਤ ਸਿੱਧੂ ਮਾਮਲੇ ’ਤੇ ਪੰਜਾਬ ਦੀ ਸਿਆਸਤ ਗਰਮਾਈ, ਵਿਰੋਧੀ ਧਿਰਾਂ ਨੇ ਘੇਰੀ ਸਰਕਾਰ
ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਗਾਂਵ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ‘ਮਿਲਣੀ’ ਪ੍ਰੋਗਰਾਮ ਦੌਰਾਨ ਕਾਲੇ ਝੰਡੇ ਲਹਿਰਾਉਣ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਸਿੱਧੂ ਨਾਲ ਕਥਿਤ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।ਮਿਲੀ ਜਾਣਕਾਰੀ ਮੁਤਾਬਕ ਮੋਹਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਪ੍ਰੋਗਰਾਮ ਦੇ ਨੇੜੇ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤੋਂ ਬਾਅਦ ਉਸ ਦੀ ਹਾਲਤ ਅਤੇ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੇ ਦੋਸ਼ਾਂ ਨੇ ਸਿਆਸੀ ਮਾਹੌਲ ਨੂੰ ਹੋਰ ਤਣਾਅਪੂਰਨ ਬਣਾ ਦਿੱਤਾ ਹੈ। ਹਾਲਾਂਕਿ ਮਾਮਲੇ ਸਬੰਧੀ ਲੱਗੇ ਦੋਸ਼ਾਂ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਵੀ ਆਪਣਾ ਪੱਖ ਰੱਖਿਆ ਜਾ ਰਿਹਾ ਹੈ।ਮੋਹਨਜੀਤ ਸਿੰਘ ਸਿੱਧੂ ਨੂੰ ਹਸਪਤਾਲ ਵਿੱਚ ਦਾਖਲ ਕਰਵਾਏ ਜਾਣ ਤੋਂ ਬਾਅਦ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਆਗੂ ਉਸ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ, ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਆਗੂਆਂ ਨੇ ਉਸ ਨਾਲ ਮੁਲਾਕਾਤ ਕੀਤੀ।ਵਿਰੋਧੀ ਧਿਰਾਂ ਨੇ ਦੋਸ਼ ਲਗਾਇਆ ਕਿ ਇੱਕ ਨੌਜਵਾਨ ਨਾਲ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ’ਤੇ ਕੀਤੇ ਗਏ ਤਸ਼ੱਦਦ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਆਗੂਆਂ ਨੇ ਸਰਕਾਰ ਤੋਂ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਦੂਜੇ ਪਾਸੇ ਪੁਲਿਸ ਵੱਲੋਂ ਮੋਹਨਜੀਤ ਸਿੰਘ ਖ਼ਿਲਾਫ਼ ਦਰਜ ਪਿਛਲੇ ਅੱਠ ਮਾਮਲਿਆਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਾਰੇ ਤੱਥਾਂ ਨੂੰ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਜਾ ਰਿਹਾ ਹੈ।
SikhDiary