ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਅਹਿਮ ਖ਼ਬਰ

ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਸੂਬੇ ਦੇ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਮਜ਼ੋਰ, ਲੋੜਵੰਦ ਅਤੇ ਵਾਂਝੇ ਵਰਗਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।ਬਲਜੀਤ ਕੌਰ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਹੁਣ ਤੱਕ 2,697.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੀ.ਬੀ.ਟੀ. ਸਿਸਟਮ ਨੇ ਬਿਨਾਂ ਕਿਸੇ ਵਿਚੋਲੇ ਦੇ ਪਾਰਦਰਸ਼ੀ ਅਤੇ ਸਮੇਂ ਸਿਰ ਵਿੱਤੀ ਸਹਾਇਤਾ ਦੀ ਵੰਡ ਨੂੰ ਯਕੀਨੀ ਬਣਾਇਆ ਹੈ।ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2026-27 ਲਈ ਸਮਾਜਿਕ ਸੁਰੱਖਿਆ ਯੋਜਨਾਵਾਂ ਲਈ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਨਾਲ ਬਜ਼ੁਰਗਾਂ, ਵਿਧਵਾਵਾਂ, ਅੰਗਹੀਣਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਲਗਾਤਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ ।