‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਪਟਿਆਲਾ ‘ਚ ਆਯੋਜਨ..

ਪਟਿਆਲਾ: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਆਯੋਜਨ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕੀਤਾ ਗਿਆ। ਇਸ ਮੌਕੇ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਦੋਵਾਂ ਆਗੂਆਂ ਵੱਲੋਂ ਖਿਡਾਰੀਆਂ ਦਾ ਹੌਸਲਾ ਵਧਾਇਆ ਗਿਆ। ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ।ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਨੌਜਵਾਨ ਸ਼ਕਤੀ ਨੂੰ ਸਹੀ ਸੇਧ ਦੇ ਕੇ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਸਿਰਮੌਰ ਸੂਬਾ ਬਣਾਉਣਾ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਮੈਦਾਨਾਂ ਦੀ ਸ਼ਾਨ ਬਣਨ।ਇਸ ਦੌਰਾਨ ਜਦੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਵਿਰੋਧੀ ਪਾਰਟੀਆਂ ਵੱਲੋਂ ‘ਮੋਹਨਜੀਤ’ ਦੇ ਮੁੱਦੇ ਨੂੰ ਲੈ ਕੇ ਕੀਤੀ ਜਾ ਰਹੀ ਸਿਆਸਤ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਪੰਜਾਬ ਵਿੱਚ ਸਿਆਸੀ ਜ਼ਮੀਨ ਖਿਸਕ ਚੁੱਕੀ ਹੈ।ਪਟਿਆਲਾ ਵਿੱਚ ਚਲਾਈ ਜਾ ਰਹੀ ‘ਮਿਸ਼ਨ ਕਲੀਨ’ ਮੁਹਿੰਮ ਬਾਰੇ ਗੱਲ ਕਰਦਿਆਂ ਕੋਹਲੀ ਨੇ ਕਿਹਾ ਕਿ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਕਲੀਨ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸ਼ਹਿਰ ਵਾਸੀਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ।ਪਟਿਆਲਾ ਵਿੱਚ ਨਵੇਂ ਹਲਕਾ ਇੰਚਾਰਜ ਦੀ ਨਿਯੁਕਤੀ ਸਬੰਧੀ ਚੱਲ ਰਹੀ ਚਰਚਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਅਜੇ ਤੱਕ ਪਾਰਟੀ ਹਾਈਕਮਾਂਡ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਆਇਆ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਵਿੱਚ ਵਿਚਰ ਰਹੇ ਹਨ ਅਤੇ ਲਗਾਤਾਰ ਲੋਕਾਂ ਦੀ ਸੇਵਾ ਕਰ ਰਹੇ ਹਨ।