ਦਿੜ੍ਹਬਾ ‘ਚ 9 ਕਰੋੜ ਤੋਂ ਵੱਧ ਦੇ 5 ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

ਦਿੜ੍ਹਬਾ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਲਾਡਬੰਜਾਰਾ ਕਲਾਂ ਅਤੇ ਤੂਰਬੰਜਾਰਾ ਵਿਖੇ ਕਰੀਬ 9 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 5 ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ।ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਕਰੀਬ 16.95 ਕਿਲੋਮੀਟਰ ਸੜਕੀ ਨੈੱਟਵਰਕ ਮਜ਼ਬੂਤ ਹੋਇਆ ਹੈ। ਇਸ ਨਾਲ ਇਲਾਕੇ ਦੇ ਪਿੰਡਾਂ ਵਿਚਕਾਰ ਆਵਾਜਾਈ ਅਤੇ ਸੰਪਰਕ ਹੋਰ ਬਿਹਤਰ ਹੋਵੇਗਾ ਅਤੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਸਹੂਲਤ ਮਿਲੇਗੀ।ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਲਾਡਬੰਜਾਰਾ ਕਲਾਂ ਵਿਖੇ 5 ਕਰੋੜ 22 ਲੱਖ 64 ਹਜ਼ਾਰ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿੰਨ ਸੜਕੀ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ।ਇਸੇ ਤਰ੍ਹਾਂ ਤੂਰਬੰਜਾਰਾ ਵਿਖੇ 3 ਕਰੋੜ 92 ਲੱਖ 65 ਹਜ਼ਾਰ ਰੁਪਏ ਤੋਂ ਵੱਧ ਦੀ ਲਾਗਤ ਨਾਲ ਦੋ ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ।ਵਿੱਤ ਮੰਤਰੀ ਨੇ ਕਿਹਾ ਕਿ ਪੇਂਡੂ ਸੜਕਾਂ ਸਿਰਫ਼ ਆਵਾਜਾਈ ਦਾ ਸਾਧਨ ਨਹੀਂ, ਸਗੋਂ ਪੇਂਡੂ ਅਰਥਵਿਵਸਥਾ ਦੀ ਮਜ਼ਬੂਤੀ ਨਾਲ ਵੀ ਸਿੱਧੇ ਤੌਰ ’ਤੇ ਜੁੜੀਆਂ ਹਨ। ਬਿਹਤਰ ਸੜਕੀ ਸੰਪਰਕ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਸਹੂਲਤ ਮਿਲੇਗੀ।ਇਸ ਤੋਂ ਇਲਾਵਾ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਵੀ ਆਸਾਨ ਹੋਵੇਗੀ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦੀ ਸੁਚੱਜੀ ਵਰਤੋਂ ਕਰਦਿਆਂ ਲੋਕ-ਹਿੱਤ ਨਾਲ ਜੁੜੇ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਲਾਕੇ ਦੀਆਂ ਲੋੜਾਂ ਅਨੁਸਾਰ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ।