ਜੰਡਿਆਲਾ ਗੁਰੂ ‘ਚ ਦੇਰ ਰਾਤ ਵੱਡੀ ਵਾਰਦਾਤ, ਫਾਇਰਿੰਗ ‘ਚ ਇੱਕ ਦੀ ਮੌਤ ਤੇ ਦੂਜਾ ਜ਼ਖ਼ਮੀ

ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਪਿੰਡ ਨਵਾਂ ਪਿੰਡ ਵਿੱਚ ਦੇਰ ਰਾਤ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਣਪਛਾਤੇ ਹਮਲਾਵਰਾਂ ਵੱਲੋਂ ਦੋ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਪੁਲਿਸ ਚੌਕੀ ਦੇ ਸਾਹਮਣੇ ਵਾਪਰੀ ਦੱਸੀ ਜਾ ਰਹੀ ਹੈ।ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਜੋਂ ਦੱਸੀ ਗਈ ਹੈ। ਫਾਇਰਿੰਗ ਤੋਂ ਬਾਅਦ ਇੱਕ ਨੌਜਵਾਨ ਪੁਲਿਸ ਚੌਕੀ ਦੇ ਸਾਹਮਣੇ ਡਿੱਗ ਪਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਘਟਨਾ ਸਥਾਨ ਦੀ ਜਾਂਚ ਕਰਨ ਦੇ ਨਾਲ-ਨਾਲ ਆਸ-ਪਾਸ ਦੇ ਲੋਕਾਂ ਅਤੇ ਚਸ਼ਮਦੀਦਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਹਮਲੇ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।