ਨੰਗਲ-ਸ੍ਰੀ ਅਨੰਦਪੁਰ ਸਾਹਿਬ ਮਾਰਗ ’ਤੇ ਵੱਡਾ ਹਾਦਸਾ, 5 ਬੱਚੇ ਜ਼ਖਮੀ

ਨੰਗਲ: ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਭਨੂੰਪਲੀ ਨੇੜੇ ਅੱਜ ਇੱਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਇੱਕ ਕਾਰ ਵਿੱਚ ਸਵਾਰ ਪੰਜ ਸਕੂਲੀ ਬੱਚੇ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।ਮੁੱਢਲੀ ਜਾਣਕਾਰੀ ਮੁਤਾਬਕ ਇੱਕ ਕਾਰ ਨੰਗਲ ਤੋਂ ਸ੍ਰੀ ਅਨੰਦਪੁਰ ਸਾਹਿਬ ਵੱਲ ਜਾ ਰਹੀ ਸੀ, ਜਦਕਿ ਦੂਜੀ ਕਾਰ ਸ੍ਰੀ ਅਨੰਦਪੁਰ ਸਾਹਿਬ ਤੋਂ ਨੰਗਲ ਵੱਲ ਆ ਰਹੀ ਸੀ। ਭਨੂੰਪਲੀ ਨੇੜੇ ਦੋਵੇਂ ਵਾਹਨਾਂ ਦੀ ਸਿੱਧੀ ਟੱਕਰ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਾਲੀ ਕਾਰ ਵਿੱਚ ਪੰਜ ਸਕੂਲੀ ਬੱਚੇ ਸਵਾਰ ਸਨ ਅਤੇ ਉਨ੍ਹਾਂ ਨੂੰ ਸਕੂਲ ਲਿਜਾਇਆ ਜਾ ਰਿਹਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿੱਚ ਮੌਜੂਦ ਸਾਰੇ ਬੱਚੇ ਜ਼ਖਮੀ ਹੋ ਗਏ।ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਤੁਰੰਤ ਮੌਕੇ ’ਤੇ ਇਕੱਠੇ ਹੋਏ ਅਤੇ ਜ਼ਖਮੀ ਬੱਚਿਆਂ ਦੀ ਮਦਦ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।ਫਿਲਹਾਲ ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਸਪੱਸ਼ਟ ਨਹੀਂ ਹੋ ਸਕੀ ਹੈ। ਹਾਦਸੇ ਸਬੰਧੀ ਅਗਲੇ ਵੇਰਵਿਆਂ ਦੀ ਉਡੀਕ ਹੈ।