ਅਮਰੀਕਾ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 5 ਸਾਲ ਪਹਿਲਾਂ ਪਟਿਆਲਾ ਤੋਂ ਗਿਆ ਸੀ ਵਿਦੇਸ਼
ਪਟਿਆਲਾ: ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਵਿਦੇਸ਼ੀ ਧਰਤੀ ’ਤੇ ਦਰਦਨਾਕ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਵਿੱਚ 24 ਸਾਲਾ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੌਜਵਾਨ ਪੰਜ ਸਾਲ ਪਹਿਲਾਂ ਬਿਹਤਰ ਭਵਿੱਖ ਅਤੇ ਰੋਜ਼ੀ-ਰੋਟੀ ਦੀ ਭਾਲ ਵਿੱਚ ਪਟਿਆਲਾ ਤੋਂ ਅਮਰੀਕਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਉਸ ਦੇ ਪਰਿਵਾਰ ਅਤੇ ਜਾਣ-ਪਛਾਣ ਵਾਲਿਆਂ ਵਿੱਚ ਸੋਗ ਦੀ ਲਹਿਰ ਹੈ।ਜਾਣਕਾਰੀ ਮੁਤਾਬਕ ਨੌਜਵਾਨ ਦਾ 30 ਜੁਲਾਈ ਨੂੰ ਪਰਿਵਾਰ ਨਾਲ ਸੰਪਰਕ ਟੁੱਟ ਗਿਆ ਸੀ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਜਾਣਕਾਰੀ ਨਹੀਂ ਮਿਲ ਸਕੀ। ਇਸ ਤੋਂ ਬਾਅਦ ਉਸ ਦੀ ਭਾਲ ਕੀਤੀ ਜਾ ਰਹੀ ਸੀ। ਕੁਝ ਸਮੇਂ ਬਾਅਦ ਅਮਰੀਕਾ ਵਿੱਚ ਇੱਕ ਜੰਗਲ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ।ਇਸ ਘਟਨਾ ਦੀ ਜਾਣਕਾਰੀ ਪੰਜਾਬ ਵਿੱਚ ਪਰਿਵਾਰ ਤੱਕ ਪਹੁੰਚਣ ਤੋਂ ਬਾਅਦ ਘਰ ਵਿੱਚ ਮਾਤਮ ਛਾ ਗਿਆ। ਪਰਿਵਾਰ ਨੇ ਆਪਣੇ ਪੁੱਤਰ ਨੂੰ ਬਿਹਤਰ ਭਵਿੱਖ ਦੇ ਸੁਪਨੇ ਨਾਲ ਵਿਦੇਸ਼ ਭੇਜਿਆ ਸੀ, ਪਰ ਉਸ ਦੀ ਇਸ ਤਰ੍ਹਾਂ ਬੇਵਕਤੀ ਮੌਤ ਨੇ ਪਰਿਵਾਰ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਹਨ।
SikhDiary