ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਚੱਲੀ ਗੋਲੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਉੱਪਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ । ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਵਿੱਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇੱਕ ਰੌਂਦ ਬਰਾਮਦ ਹੋਇਆ।ਪਰਿਵਾਰਕ ਮੈਂਬਰਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਘਰ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਸੀ.ਸੀ.ਟੀ.ਵੀ. ਫੁਟੇਜ ਵਿੱਚ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ, ਪਰ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੋਲੀਆਂ ਚਲਾਉਣ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਵੀ ਚਿੰਤਾ ਅਤੇ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।