ਪੰਜਾਬ ਲਈ 1419 ਕਰੋੜ ਰੁਪਏ ਦੇ ਮੈਗਾ ਰੇਲਵੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ : ਸਾਬਕਾ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਲਈ 1419 ਕਰੋੜ ਰੁਪਏ ਦੇ ਮੈਗਾ ਰੇਲਵੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਕਿਹਾ ਕਿ ਇਹ ਪ੍ਰੋਜੈਕਟ ਸਰਹੱਦੀ ਖੇਤਰਾਂ ਨੂੰ ਸਿੱਧੇ ਰੇਲਵੇ ਨੈੱਟਵਰਕ ਨਾਲ ਜੋੜਨ ਵਿੱਚ ਮਦਦ ਕਰੇਗਾ।ਬਿੱਟੂ ਅਨੁਸਾਰ ਬਿਆਸ ਨੂੰ ਕਾਦੀਆਂ ਅਤੇ ਅੱਗੇ ਬਟਾਲਾ-ਕਾਦੀਆਂ ਲਾਈਨ ਨੂੰ ਜੋੜਨ ਸਮੇਤ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਦਾ ਅਹਿਮ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਿਆਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਉਣ ਵਾਲੀਆਂ ਲਾਈਨਾਂ ਨੂੰ ਪਠਾਨਕੋਟ ਤੋਂ ਆਉਣ ਵਾਲੇ ਰੂਟ ਨਾਲ ਜੋੜਿਆ ਜਾ ਸਕੇਗਾ ਅਤੇ ਸਰਹੱਦੀ ਖੇਤਰਾਂ ਨਾਲ ਸਿੱਧਾ ਰੇਲ ਸੰਪਰਕ ਹੋਰ ਮਜ਼ਬੂਤ ​​ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ ਕਰੀਬ 166 ਏਕੜ ਜ਼ਮੀਨ ਦੀ ਲੋੜ ਪਵੇਗੀ। ਜ਼ਮੀਨ ਐਕਵਾਇਰ, ਸਿਵਲ ਵਰਕ, ਸਿਗਨਲ, ਤਾਰਾਂ ਅਤੇ ਬਿਜਲੀ ਦੇ ਕੰਮ ਸਮੇਤ ਕਈ ਕੰਮਾਂ ‘ਤੇ ਵੱਡੀ ਰਕਮ ਖਰਚ ਕੀਤੀ ਜਾਵੇਗੀ। ਬਿੱਟੂ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ 1419 ਕਰੋੜ ਰੁਪਏ ਹੈ।ਬਿੱਟੂ ਨੇ ਦੋਸ਼ ਲਾਇਆ ਕਿ ਇਹ ਪ੍ਰਾਜੈਕਟ ਪਹਿਲਾਂ ਵੀ ਸਰਕਾਰਾਂ ਦੀ ਅਣਗਹਿਲੀ ਕਾਰਨ ਲਟਕ ਗਿਆ ਸੀ। ਜੇਕਰ ਇਸ ਨੂੰ ਸਮੇਂ ਸਿਰ ਲਾਗੂ ਕੀਤਾ ਜਾਂਦਾ ਤਾਂ ਇਸ ਦੀ ਲਾਗਤ ਬਹੁਤ ਘੱਟ ਹੋਣੀ ਸੀ ਪਰ ਅੱਜ ਦੇਰੀ ਹੋਣ ਕਾਰਨ ਇਸ ਪ੍ਰਾਜੈਕਟ ਦੀ ਲਾਗਤ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਪ੍ਰਾਜੈਕਟ ਪਹਿਲਾਂ ਤਿਆਰ ਕੀਤਾ ਗਿਆ ਸੀ ਤਾਂ ਇਸ ਦੀ ਲਾਗਤ 500 ਕਰੋੜ ਰੁਪਏ ਦੇ ਕਰੀਬ ਸੀ, ਜਦੋਂ ਕਿ ਬਾਅਦ ਵਿੱਚ ਇਹ 841 ਕਰੋੜ ਰੁਪਏ ਅਤੇ ਹੁਣ 1419 ਕਰੋੜ ਰੁਪਏ ਤੱਕ ਪਹੁੰਚ ਗਈ ਹੈ।ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਟੈਕਸ ਦਾ ਪੈਸਾ ਹੈ ਅਤੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਕਰਨੀ ਚਾਹੀਦੀ । ਬਿੱਟੂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਵਾਨ ਕੀਤੇ ਪ੍ਰੋਜੈਕਟਾਂ ਵਿੱਚ ਬੇਲੋੜੀ ਦੇਰੀ ਹੋਈ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ਨੂੰ ਜ਼ਮੀਨੀ ਪੱਧਰ ’ਤੇ ਉਠਾਉਣਗੇ ਅਤੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਦੀ ਮੰਗ ਕਰਨਗੇ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਲਈ ਪ੍ਰਵਾਨ ਕੀਤੇ ਗਏ ਰੇਲਵੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਇਕਜੁੱਟ ਹੋਣ।