ਕੀ ਉਮਰ ਕੈਦ ’ਚ ਬਦਲੇਗੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ? 28 ਅਕਤੂਬਰ ਨੂੰ ਸੁਣਵਾਈ

ਅੰਮ੍ਰਿਤਸਰ: ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਰਾਜੋਆਣਾ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ।ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਮੰਗ ਦਾ ਵਿਰੋਧ ਕੀਤਾ ਹੈ। ਕੇਂਦਰ ਵੱਲੋਂ ਦਲੀਲ ਦਿੱਤੀ ਗਈ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣਾ ਉਚਿਤ ਨਹੀਂ ਹੋਵੇਗਾ।ਕੇਂਦਰ ਸਰਕਾਰ ਦੇ ਇਸ ਰੁਖ਼ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਲਈ ਤੈਅ ਕੀਤੀ ਹੈ। ਇਸ ਦਿਨ ਅਦਾਲਤ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ’ਤੇ ਗੁਣ-ਦੋਸ਼ ਦੇ ਆਧਾਰ ’ਤੇ ਵਿਚਾਰ ਕਰੇਗੀ। ਹੁਣ ਇਸ ਮਾਮਲੇ ਵਿੱਚ ਅਦਾਲਤ ਦੀ ਸੁਣਵਾਈ ਅਤੇ ਅਗਲੇ ਫੈਸਲੇ ’ਤੇ ਨਜ਼ਰ ਰਹੇਗੀ।