ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਗੌਰਵ ਯਾਦਵ ਬਣੇ ਰੈਗੂਲਰ ਡੀਜੀਪੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ IPS ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕਰ ਦਿੱਤਾ ਹੈ। ਸਰਕਾਰ ਵੱਲੋਂ ਇਸ ਸਬੰਧੀ ਸਿਧਾਂਤਕ ਪ੍ਰਵਾਨਗੀ ਦੇਣ ਤੋਂ ਬਾਅਦ ਨਿਯੁਕਤੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਕਾਰਜਕਾਰੀ DGP ਦੇ ਪ੍ਰਬੰਧ ਵਿੱਚ ਬਦਲਾਅ ਆਇਆ ਹੈ।ਗੌਰਵ ਯਾਦਵ 1992 ਬੈਚ ਦੇ IPS ਅਧਿਕਾਰੀ ਹਨ ਅਤੇ ਜੁਲਾਈ 2022 ਤੋਂ ਪੰਜਾਬ ਪੁਲਿਸ ਦੇ ਕਾਰਜਕਾਰੀ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਹੁਣ ਉਨ੍ਹਾਂ ਨੂੰ ਨਿਯਮਤ DGP ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ।ਪੰਜਾਬ ਵਿੱਚ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਵਿਚਾਰ ਅਧੀਨ ਸੀ। ਇਸ ਮਾਮਲੇ ’ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਤੈਅ ਸੀ। ਪਰ ਇਸ ਤੋਂ ਪਹਿਲਾਂ ਹੀ ਸੂਬਾ ਸਰਕਾਰ ਨੇ ਗੌਰਵ ਯਾਦਵ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।ਰੈਗੂਲਰ DGP ਦੀ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਵੀ ਸਰਕਾਰ ’ਤੇ ਸਵਾਲ ਚੁੱਕੇ ਜਾਂਦੇ ਰਹੇ ਹਨ। ਹੁਣ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਇਸ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ।ਪੰਜਾਬ ਪੁਲਿਸ ਦੇ ਮੁਖੀ ਦੀ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ ਤਿਆਰ ਕੀਤੇ ਗਏ ਪੈਨਲ ਵਿੱਚ ਗੌਰਵ ਯਾਦਵ ਤੋਂ ਇਲਾਵਾ ਦੋ ਹੋਰ ਸੀਨੀਅਰ IPS ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਸਨ। ਇਨ੍ਹਾਂ ਵਿੱਚ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਦੱਸੇ ਗਏ ਹਨ।ਗੌਰਵ ਯਾਦਵ ਦੀ ਸੇਵਾਮੁਕਤੀ 30 ਅਪ੍ਰੈਲ 2029 ਨੂੰ ਹੋਣੀ ਹੈ। ਨਿਯਮਤ DGP ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਪੁਲਿਸ ਦੇ ਪ੍ਰਸ਼ਾਸਨਿਕ ਢਾਂਚੇ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।Facebook:- https://www.facebook.com/ChardiklatimetvliveYoutube:- https://www.youtube.com/@ChardiklaTimeTvchannel