ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਸਿਆਸਤ ਵਿੱਚ ਸਾਰਥਕ ਮੁੱਦਿਆਂ ਨੂੰ ਤਰਜੀਹ ਦੇਣ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਅੱਗੇ ਵਧਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂ ਇੱਕ ਮੰਚ ‘ਤੇ ਇਕੱਠੇ ਹੋਏ।ਅਹੁਦਾ ਸੰਭਾਲਣ ਦੇ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਰਹੇ।ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ, ਜਿਸ ਵਿੱਚ ਲੋਕਾਂ ਦੇ ਅਸਲ ਮੁੱਦਿਆਂ ਅਤੇ ਸੂਬੇ ਦੀ ਬਿਹਤਰੀ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਿਆਸੀ ਮਾਹੌਲ ਵਿੱਚ ਅਹਿਮ ਮੁੱਦਿਆਂ ਤੋਂ ਧਿਆਨ ਹਟਦਾ ਨਜ਼ਰ ਆ ਰਿਹਾ ਹੈ।ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਆਪਣੇ ਸਿਧਾਂਤਾਂ ਅਨੁਸਾਰ ਰਾਜਨੀਤੀ ਕਰਦੇ ਰਹੇ ਹਨ। ਉਨ੍ਹਾਂ ਦੇ ਬਿਆਨ ਤੋਂ ਇਹ ਸੰਕੇਤ ਮਿਲਿਆ ਕਿ ਉਹ ਵਿਰੋਧੀਆਂ ਦੀ ਰਣਨੀਤੀ ਅਨੁਸਾਰ ਚੱਲਣ ਦੀ ਬਜਾਏ ਆਪਣੀ ਨੀਤੀ ਅਤੇ ਮੁੱਦਿਆਂ ਦੇ ਆਧਾਰ ‘ਤੇ ਸਿਆਸੀ ਲੜਾਈ ਲੜਨਗੇ।ਪਰਗਟ ਸਿੰਘ ਨੇ ਪਾਰਟੀ ਅੰਦਰ ਸਮੂਹਿਕ ਲੀਡਰਸ਼ਿਪ ਦੀ ਮਹੱਤਤਾ ਨੂੰ ਵੀ ਉਭਾਰਿਆ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਨੂੰ ਨਿੱਜੀ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਕੰਮ ਕਰਨਾ ਚਾਹੀਦਾ ਹੈ।ਇਸ ਤੋਂ ਪਹਿਲਾਂ ਪਰਗਟ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ।ਅਹੁਦਾ ਸੰਭਾਲਣ ਦੇ ਸਮਾਗਮ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਅਤੇ ਜਥੇਬੰਦਕ ਕੰਮਕਾਜ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਹੁੰਦੀਆਂ ਰਹੀਆਂ ਹਨ।ਹੁਣ ਪਰਗਟ ਸਿੰਘ ਦੇ ਸਾਹਮਣੇ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਕਾਰ ਤਾਲਮੇਲ ਬਣਾਉਣ, ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਚੱਲਣ ਅਤੇ ਜ਼ਮੀਨੀ ਪੱਧਰ ‘ਤੇ ਵਰਕਰਾਂ ਨੂੰ ਸਰਗਰਮ ਕਰਨ ਦੀ ਚੁਣੌਤੀ ਹੋਵੇਗੀ। ਨਵੇਂ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਕਿਸ ਤਰ੍ਹਾਂ ਆਪਣੀ ਜਥੇਬੰਦੀ ਨੂੰ ਮਜ਼ਬੂਤ ਕਰਦੀ ਹੈ, ਇਸ ‘ਤੇ ਸਿਆਸੀ ਹਲਕਿਆਂ ਦੀ ਨਜ਼ਰ ਰਹੇਗੀ।
SikhDiary