ਜਲੰਧਰ ’ਚ 2.5 ਕਰੋੜ ਦੀ ਹੈਰੋਇਨ ਬਰਾਮਦ, ਕਤਲ ਕੇਸ ਦਾ ਮੁਲਜ਼ਮ ਕਾਬੂ

ਜਲੰਧਰ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 505 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਲਗਭਗ 2 ਕਰੋੜ 50 ਲੱਖ ਰੁਪਏ ਹੈ। ਗ੍ਰਿਫ਼ਤਾਰ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੋਣ ਦੀ ਗੱਲ ਸਾਹਮਣੇ ਆਈ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸ਼ਾਹਕੋਟ ਸਰਵਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਲੋਹੀਆਂ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਖਵਿੰਦਰ ਪਾਲ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਪੁਲਿਸ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਫੁੱਲ ਘੁੱਦਵਾਲ ਨੇੜੇ ਨਵੇਂ ਬਣ ਰਹੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਦੇ ਪੁਲ ਕੋਲ ਮੋਟਰਸਾਈਕਲ ਸਵਾਰ ਇਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਕਾਬੂ ਕੀਤਾ ਗਿਆ।ਤਲਾਸ਼ੀ ਲੈਣ ’ਤੇ ਉਸ ਕੋਲੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਬਾਅਦ ਮੁਲਜ਼ਮ ਦੇ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ।ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ, ਵਾਸੀ ਪੀਰ ਮੁਹੰਮਦ, ਥਾਣਾ ਮੱਖੂ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਲੋਹੀਆਂ ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਨੰਬਰ 186 ਦਰਜ ਕੀਤਾ ਗਿਆ ਹੈ।ਪੁਲਿਸ ਰਿਕਾਰਡ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਮੱਖੂ ਵਿੱਚ ਪਹਿਲਾਂ ਕਤਲ ਅਤੇ ਅਸਲਾ ਐਕਟ ਤਹਿਤ ਵੀ ਮਾਮਲਾ ਦਰਜ ਹੈ।ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਮਕਸਦ ਇਹ ਪਤਾ ਲਗਾਉਣਾ ਹੈ ਕਿ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।