ਪੰਜਾਬ ਬੰਦ ਨੂੰ ਲੈ ਕੇ ਵੱਡੀ ਖ਼ਬਰ: ਝੋਟਾ ਦੇ ਪਿਤਾ ਦੀ ਭਾਵੁਕ ਅਪੀਲ

ਮਾਨਸਾ: ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ। ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ, 15 ਅਕਤੂਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਬੰਦ ਨੂੰ ਵੱਖ-ਵੱਖ ਕਿਸਾਨ, ਧਾਰਮਿਕ, ਸਮਾਜਿਕ ਅਤੇ ਸਿਆਸੀ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਬੰਦ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ।ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਪੰਜਾਬ ਵਾਸੀਆਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋ ਰਹੀ ਹੈ, ਪਰ ਲੋਕ ਆਪਣੇ ਪੱਧਰ ‘ਤੇ ਸਾਥ ਦੇ ਕੇ ਪਰਵਿੰਦਰ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ।ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਕਤਲ ਹੋਇਆ ਸੀ। ਇਸ ਮਾਮਲੇ ਵਿੱਚ ਪਰਿਵਾਰ ਵੱਲੋਂ ਹਾਲੇ ਤੱਕ ਸਸਕਾਰ ਨਹੀਂ ਕੀਤਾ ਗਿਆ। ਪਰਿਵਾਰ ਨੇ ਇਨਸਾਫ਼ ਮਿਲਣ ਅਤੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਹੈ।ਪਰਿਵਾਰ ਦੀਆਂ ਮੁੱਖ ਮੰਗਾਂ ਵਿੱਚ ਮਾਮਲੇ ਦੀ ਸੀਬੀਆਈ ਜਾਂਚ, ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ, ਮਾਨਸਾ ਦੇ ਐਸਐਸਪੀ, ਡੀਐਸਪੀ ਅਤੇ ਐਸਐਚਓ ਖ਼ਿਲਾਫ਼ ਕਾਰਵਾਈ, ਵਾਰਦਾਤ ਸਮੇਂ ਮੁਲਜ਼ਮ ਵੱਲੋਂ ਕੀਤੀਆਂ ਗਈਆਂ ਫ਼ੋਨ ਕਾਲਾਂ ਦਾ ਵੇਰਵਾ ਜਨਤਕ ਕਰਨਾ ਅਤੇ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਦੇਣਾ ਸ਼ਾਮਲ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਪੰਜਾਬ ਬੰਦ ਦੇ ਸਮਰਥਨ ਵਿੱਚ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਮਾਜ ਨੂੰ ਬੇਇਨਸਾਫ਼ੀ ਅਤੇ ਮਾਫ਼ੀਆ ਵਿਰੁੱਧ ਇਕੱਠੇ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਜਾਂ ਹੰਗਾਮੇ ਤੋਂ ਦੂਰ ਰਹਿਣ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਕੁਝ ਸ਼ਰਾਰਤੀ ਅਨਸਰ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਲਈ ਲੋਕਾਂ ਨੂੰ ਸ਼ਾਂਤਮਈ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਿਹਾ ਗਿਆ ਹੈ।ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਉਸ ਦੇ ਘਰ ਅਤੇ ਦੁਕਾਨ ‘ਤੇ ਵੀ ਬੁਲਡੋਜ਼ਰ ਕਾਰਵਾਈ ਕੀਤੀ ਗਈ।ਦੂਜੇ ਪਾਸੇ, ਗੁੱਸੇ ਵਿੱਚ ਆਏ ਸਮਰਥਕਾਂ ਵੱਲੋਂ ਦੁਕਾਨ ਦੀ ਭੰਨਤੋੜ ਕਰਨ ਅਤੇ ਅੱਗ ਲਗਾਉਣ ਦੀ ਘਟਨਾ ਵੀ ਸਾਹਮਣੇ ਆਈ ਸੀ। ਮਾਨਸਾ ਦੇ ਬਾਜ਼ਾਰਾਂ ਵਿੱਚ 13 ਅਕਤੂਬਰ ਤੋਂ ਹੀ ਬੰਦ ਵਰਗੇ ਹਾਲਾਤ ਬਣੇ ਹੋਏ ਹਨ।ਫਿਲਹਾਲ ਪਰਿਵਾਰ ਆਪਣੀਆਂ ਮੰਗਾਂ ‘ਤੇ ਕਾਇਮ ਹੈ ਅਤੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਪੰਜਾਬ ਬੰਦ ਦੌਰਾਨ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ।