ਮੋਹਾਲੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਵੱਡੇ ਮੋਡਿਊਲ ਦਾ ਕੀਤਾ ਪਰਦਾਫਾਸ਼
ਪੰਜਾਬ : ਮੋਹਾਲੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਹਰਿਆਣਾ ਦੇ ਇੱਕ ਅਸਲਾ ਸਪਲਾਇਰ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਇੱਕ ਗਲਾਕ ਸਮੇਤ 10 ਆਧੁਨਿਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਕਥਿਤ ਤੌਰ ‘ਤੇ ਦੇਸੀ ਹਥਿਆਰਾਂ ਦੀ ਤਸਕਰੀ ਕਰਦੇ ਸਨ ਅਤੇ ਕਾਲਜ ਜਾਣ ਵਾਲੇ ਨੌਜਵਾਨਾਂ ਨੂੰ ਵੇਚ ਕੇ ਮੋਟਾ ਮੁਨਾਫ਼ਾ ਕਮਾਉਂਦੇ ਸਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।ਇਸ ਸਬੰਧ ਵਿਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਇਸ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈਟਵਰਕ ਦੇ ਅੱਗੇ-ਪਿੱਛੇ ਲੰਿਕਾਂ ਦਾ ਪਤਾ ਲਗਾਉਣ ਅਤੇ ਇਸ ਵਿਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦੋ-ਫਰੋਖਤ ਦੇ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਅੰਦਰਲੇ ਇਲਾਕਿਆਂ ਤੋਂ ਦੇਸੀ ਹਥਿਆਰਾਂ ਨੂੰ ਲਿਆ ਕੇ ਅੱਗੇ ਵੇਚਦੇ ਸਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਇਸ ਪੂਰੇ ਕੰਮ ਵਿੱਚ ਭਾਰੀ ਮੁਨਾਫ਼ਾ ਕਮਾ ਰਿਹਾ ਸੀ। ਡੀ.ਜੀ.ਪੀ. ਨੇ ਅੱਗੇ ਕਿਹਾ ਕਿ ਪੁਲਿਸ ਨੂੰ ਸ਼ੱਕ ਹੈ ਕਿ ਇਸ ਨੈਟਵਰਕ ਦੀ ਵਰਤੋਂ ਕਾਲਜ ਵਿੱਚ ਪੜ੍ਹ ਰਹੇ ਨੌਜਵਾਨਾਂ ਨੂੰ ਹਥਿਆਰ ਸਪਲਾਈ ਕਰਨ ਲਈ ਕੀਤੀ ਜਾ ਰਹੀ ਸੀ।ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਪੁਲਿਸ ਨੇ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਕਿ ਮੁਲਜ਼ਮਾਂ ਨੇ ਕਿਹੜੇ ਕਾਲਜਾਂ ਤੋਂ ਨੌਜਵਾਨਾਂ ਨੂੰ ਹਥਿਆਰ ਸਪਲਾਈ ਕੀਤੇ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਦੇ ਪੁਰਾਣੇ ਰਿਕਾਰਡ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
SikhDiary