ਪਿਓ-ਪੁੱਤ ਸਣੇ 5 ਮੁਲਜ਼ਮ ਕਾਬੂ, 2 ਹੈਂਡ ਗ੍ਰਨੇਡ ਤੇ 25 ਜ਼ਿੰਦਾ ਕਾਰਤੂਸ ਬਰਾਮਦ

ਜਲੰਧਰ/ਚੰਡੀਗੜ੍ਹ: ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਹਥਿਆਰਾਂ ਅਤੇ ਧਮਾਕਾਖੇਜ਼ ਸਮੱਗਰੀ ਦੀ ਤਸਕਰੀ ਕਰਨ ਵਾਲੇ ਇੱਕ ਕਥਿਤ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੀ ਟੀਮ ਨੇ ਇਸ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਪਿਓ-ਪੁੱਤ ਵੀ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ, ਇੱਕ ਅਸਾਲਟ ਰਾਈਫਲ ਅਤੇ 13 ਵਿਦੇਸ਼ੀ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐੱਮ.ਐੱਮ. ਗਲੌਕ ਪਿਸਤੌਲ ਅਤੇ ਨੌਂ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 25 ਜ਼ਿੰਦਾ ਕਾਰਤੂਸ ਅਤੇ ਹਥਿਆਰਾਂ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਬੱਲ੍ਹੜਵਾਲ ਵਾਸੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਬਟਾਲਾ ਦੇ ਸੱਗਰਪੁਰ ਵਾਸੀ ਵੀਨੂ, ਪਿੰਡ ਰਸੂਲਪੁਰ ਦੇ ਅੰਮ੍ਰਿਤਪਾਲ ਸਿੰਘ ਅਤੇ ਪਿੰਡ ਗੌਂਸਪੁਰਾ ਦੇ ਗੌਰਵ ਮਸੀਹ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਜਾਂਚ ਦੌਰਾਨ ਸਾਹਮਣੇ ਆਈ ਜਾਣਕਾਰੀ ਮੁਤਾਬਕ, ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਇੱਕ ਸਮੱਗਲਰ ਦੇ ਸੰਪਰਕ ਵਿੱਚ ਸਨ। ਪੁਲਿਸ ਨੂੰ ਸ਼ੱਕ ਹੈ ਕਿ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੀ ਜਾਣ ਵਾਲੀ ਹਥਿਆਰਾਂ ਅਤੇ ਧਮਾਕਾਖੇਜ਼ ਸਮੱਗਰੀ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਹੋਰ ਸਾਥੀਆਂ ਤੱਕ ਪਹੁੰਚਾਇਆ ਜਾਂਦਾ ਸੀ।ਪੁਲਿਸ ਅਨੁਸਾਰ, ਖੁਫ਼ੀਆ ਸੂਚਨਾ ਮਿਲੀ ਸੀ ਕਿ ਪਿਓ-ਪੁੱਤ ਨੇ ਅਜਨਾਲਾ ਦੇ ਪਿੰਡ ਠੇਠੀ ਨੇੜੇ ਆਪਣੇ ਤਿੰਨ ਹੋਰ ਸਾਥੀਆਂ ਨੂੰ ਮਿਲਣਾ ਸੀ। ਇਸੇ ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਕਾਰਵਾਈ ਕਰਦਿਆਂ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।ਪੁਲਿਸ ਦਾ ਕਹਿਣਾ ਹੈ ਕਿ ਵਿਦੇਸ਼ ਵਿੱਚ ਬੈਠਾ ਕਥਿਤ ਸਮੱਗਲਰ ਸੰਚਾਰ ਲਈ ਐਨਕ੍ਰਿਪਟਡ ਪਲੇਟਫਾਰਮ ਦੀ ਵਰਤੋਂ ਕਰਦਾ ਸੀ, ਤਾਂ ਜੋ ਹਥਿਆਰਾਂ ਦੀ ਖੇਪ ਦੀ ਆਵਾਜਾਈ ਦਾ ਤਾਲਮੇਲ ਕੀਤਾ ਜਾ ਸਕੇ ਅਤੇ ਜਾਂਚ ਏਜੰਸੀਆਂ ਦੀ ਨਜ਼ਰ ਤੋਂ ਬਚਿਆ ਜਾ ਸਕੇ।ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਹਥਿਆਰਾਂ ਦੀ ਸਪਲਾਈ ਦੇ ਪੂਰੇ ਰਸਤੇ ਦੀ ਜਾਂਚ ਕਰ ਰਹੀ ਹੈ।