ਜਲੰਧਰ ਪਹੁੰਚੇ CM ਭਗਵੰਤ ਮਾਨ, ਗਊਸ਼ਾਲਾਵਾਂ ਦੀ ਸਮੱਸਿਆਵਾਂ ’ਤੇ ਕੀਤੀ ਚਰਚਾ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਦੌਰੇ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਸੂਬੇ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਗਊ ਧਨ ਦੀ ਸਾਂਭ-ਸੰਭਾਲ, ਖੁਰਾਕ ਅਤੇ ਗਊਸ਼ਾਲਾਵਾਂ ਵਿੱਚ ਬੁਨਿਆਦੀ ਸਹੂਲਤਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਗੰਭੀਰਤਾ ਨਾਲ ਸੁਣੇ ਹਨ। ਉਨ੍ਹਾਂ ਮੁਤਾਬਕ, ਸਰਕਾਰ ਵੱਲੋਂ ਗਊ ਧਨ ਦੀ ਬਿਹਤਰ ਦੇਖਭਾਲ ਅਤੇ ਗਊਸ਼ਾਲਾਵਾਂ ਵਿੱਚ ਲੋੜੀਂਦੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ ਹੈ।ਅਮਨ ਅਰੋੜਾ ਨੇ ਦੱਸਿਆ ਕਿ ਗਊਸ਼ਾਲਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 21 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਇੱਕ ਹੋਰ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਗਊ ਸੇਵਾ ਕਮਿਸ਼ਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨੂੰ ਬੁਲਾਇਆ ਜਾਵੇਗਾ। ਇਸ ਬੈਠਕ ਵਿੱਚ ਗਊਸ਼ਾਲਾਵਾਂ ਦੇ ਪ੍ਰਬੰਧਕੀ ਅਤੇ ਵਿੱਤੀ ਮਸਲਿਆਂ ’ਤੇ ਚਰਚਾ ਕਰਕੇ ਉਨ੍ਹਾਂ ਦੇ ਹੱਲ ਲਈ ਕਦਮ ਚੁੱਕਣ ਬਾਰੇ ਵਿਚਾਰ ਕੀਤਾ ਜਾਵੇਗਾ।ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਅਤੇ ਇਨਸਾਫ਼ ਦੀ ਮੰਗ ਕਰ ਰਹੀ ਸੰਘਰਸ਼ ਕਮੇਟੀ ਦੇ ਨਾਲ ਖੜ੍ਹੀ ਹੈ।ਉਨ੍ਹਾਂ ਪਰਿਵਾਰਕ ਮੈਂਬਰਾਂ ਅਤੇ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠ ਕੇ ਗੱਲਬਾਤ ਕਰਨ ਅਤੇ ਆਪਣੀਆਂ ਮੰਗਾਂ ਸ਼ਾਂਤੀਪੂਰਨ ਢੰਗ ਨਾਲ ਸਾਹਮਣੇ ਰੱਖਣ।ਮੰਤਰੀ ਨੇ ਕਿਹਾ ਕਿ ਗੱਲਬਾਤ ਰਾਹੀਂ ਮਸਲਿਆਂ ਨੂੰ ਸੁਲਝਾਉਣ ਨਾਲ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲ ਸਕਦੀ ਹੈ।
SikhDiary