ਪ੍ਰੋ. ਗੱਜਣਮਾਜਰਾ ਬਣੇ ‘ਆਪ’ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ

ਮਾਲੇਰਕੋਟਲਾ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੰਗਠਨਾਤਮਕ ਨਿਯੁਕਤੀ ਕਰਦਿਆਂ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਪਾਰਟੀ ਦੇ ਬੌਧਿਕ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।ਪਾਰਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਇਸ ਨਿਯੁਕਤੀ ਪਿੱਛੇ ਪ੍ਰੋ. ਗੱਜਣਮਾਜਰਾ ਦੇ ਪਾਰਟੀ ਨਾਲ ਕੰਮ ਕਰਨ ਦੇ ਤਜਰਬੇ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਯਤਨਾਂ ਨੂੰ ਅਹਿਮੀਅਤ ਦਿੱਤੀ ਗਈ ਹੈ।ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਉਨ੍ਹਾਂ ਲਈ ਅਹਿਮ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ, ਸਮਰਪਣ ਅਤੇ ਜਵਾਬਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਸਿੱਖਿਆ ਅਤੇ ਲੋਕ ਭਲਾਈ ਨਾਲ ਜੁੜੇ ਕੰਮਾਂ ਵਿੱਚ ਬੌਧਿਕ ਵਰਗ ਦੀ ਭੂਮਿਕਾ ਨੂੰ ਵੀ ਮਹੱਤਵਪੂਰਨ ਦੱਸਿਆ।ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਬੌਧਿਕ ਵਿੰਗ ਰਾਹੀਂ ਸਿੱਖਿਆ ਸ਼ਾਸਤਰੀਆਂ, ਖੋਜਕਰਤਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸ਼ਮੂਲੀਅਤ ਵਧਾਉਣ ’ਤੇ ਧਿਆਨ ਦਿੱਤਾ ਜਾਵੇਗਾ।ਉਨ੍ਹਾਂ ਮੁਤਾਬਕ, ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਵਿੱਚ ਸਮਾਜਿਕ ਜਾਗਰੂਕਤਾ ਅਤੇ ਲੋਕਾਂ ਦੀ ਸਾਂਝੀ ਭੂਮਿਕਾ ਵੀ ਜ਼ਰੂਰੀ ਹੈ।ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੌਧਿਕ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਸਮਾਜ ਵਿੱਚ ਜਾਗਰੂਕਤਾ ਵਧਾਉਣ ਦੇ ਯਤਨ ਕੀਤੇ ਜਾਣਗੇ।