ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਮਾਨਸਾ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਇੰਸਾ ਮੋਰਚੇ ਵਿੱਚ ਪੁੱਜੇ। ਇਸ ਮੌਕੇ ਉਨ੍ਹਾਂ ਪਰਮਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਮਾਤਾ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਸਾਡੇ ਯੋਧੇ ਸਨ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ਹਾਦਤ ਦਿੱਤੀ ਹੈ। ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੀ ਲੜਾਈ ਲੜ ਰਹੇ ਸਨ, ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦਾ ਸ਼ਿਕਾਰ ਬਣਾ ਕੇ ਬਰਬਾਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਅੱਜ ਇਸ ਸਰਕਾਰ ਦੇ ਰਾਜ ਵਿੱਚ ਨਸ਼ੇ ਘਰ-ਘਰ ਵਿਕਣ ਲੱਗ ਪਏ ਹਨ। ਨਸ਼ਿਆਂ ਨੂੰ ਰੋਕਣ ਦੀ ਬਜਾਏ ਨਸ਼ਿਆਂ ਵਿਰੁੱਧ ਉੱਠ ਰਹੀ ਆਵਾਜ਼ ਨੂੰ ਰੋਕਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਸਿਰਫ਼ ਪਰਮਿੰਦਰ ਸਿੰਘ ਦਾ ਹੀ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਨੂੰ ਵੀ ਨਸ਼ੇ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ ਸੀ। ਪੰਜਾਬ ‘ਚ ‘ਆਪ’ ਸਰਕਾਰ ਦੇ ਰਾਜ ਦੌਰਾਨ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਮੇਤ ਕਈ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਪਰ ਅੱਜ ਤੱਕ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿ ਲਿਆ।ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਕੇਸ ਵਿੱਚ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ, ਇਸੇ ਲਈ ਉਨ੍ਹਾਂ ਨੇ ਪਹਿਲੇ ਦਿਨ ਹੀ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ, ਜਿਸ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਮਿੰਦਰ ਸਿੰਘ ਝੋਟਾ ਸਮੇਤ ਤਿੰਨ ਮਾਮਲਿਆਂ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਅਤੇ ਪੰਜਾਬ ਸਰਕਾਰ ਕੋਲ ਇਸ ਦਾ ਕੋਈ ਜਵਾਬ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਰਮਿੰਦਰ ਸਿੰਘ ਝੋਟਾ ਦੇ ਕਤਲ ਕੇਸ ਵਿੱਚ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਪੱਧਰ ’ਤੇ ਪਰਿਵਾਰ ਦਾ ਸਾਥ ਦੇਵੇਗੀ।ਢਿੱਲੋਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੀਆਂ ਝੰਡੀਆਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇ, ਜਿਸ ਨੂੰ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਪ੍ਰਦਰਸ਼ਨਕਾਰੀ ਸੰਗਤ ਨੇ ਤਾੜੀਆਂ ਮਾਰ ਕੇ ਪ੍ਰਵਾਨ ਕਰ ਲਿਆ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਵੀ ਅੱਜ ਤੋਂ ਕਾਲੀ ਦਸਤਾਰ ਸਜਾਉਣਗੇ।
SikhDiary