ਝੋਟਾ ਕਤਲਕਾਂਡ ’ਤੇ ਬੋਲੇ ਬਲਵੰਤ ਰਾਜੋਆਣਾ, ਪਰਿਵਾਰ ਲਈ ਜਤਾਇਆ ਦੁੱਖ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਝੋਟੇ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੇ ਵੀ ਰਸਮੀ ਤੌਰ ’ਤੇ ਸ਼ੁਰੂ ਕਰ ਦਿੱਤੀ ਹੈ।ਬਲਵੰਤ ਸਿੰਘ ਰਾਜੋਆਣਾ ਅੱਖ ਦੇ ਆਪ੍ਰੇਸ਼ਨ ਸਬੰਧੀ ਹਸਪਤਾਲ ਵਿੱਚ ਦਾਖ਼ਲ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੁਲਿਸ ਵੈਨ ਵਿੱਚ ਲਿਜਾਇਆ ਜਾ ਰਿਹਾ ਸੀ, ਤਾਂ ਮੀਡੀਆ ਨਾਲ ਹੋਈ ਸੰਖੇਪ ਗੱਲਬਾਤ ਵਿੱਚ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ਆਪਣੀ ਗੱਲ ਰੱਖੀ।ਰਾਜੋਆਣਾ ਨੇ ਕਿਹਾ ਕਿ ਉਹ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹਨ। ਹਾਲਾਂਕਿ, ਉਹ ਆਪਣੀ ਗੱਲ ਪੂਰੀ ਕਰਦੇ, ਇਸ ਤੋਂ ਪਹਿਲਾਂ ਹੀ ਪੁਲਿਸ ਉਨ੍ਹਾਂ ਨੂੰ ਵੈਨ ਅੰਦਰ ਲੈ ਗਈ।ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ CBI ਨੇ ਰਸਮੀ ਤੌਰ ’ਤੇ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਚੰਡੀਗੜ੍ਹ ਸਥਿਤ ਏਜੰਸੀ ਦੀ ਵਿਸ਼ੇਸ਼ ਅਪਰਾਧ ਸ਼ਾਖਾ ਨੇ ਨਵੀਂ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ।ਜਾਣਕਾਰੀ ਅਨੁਸਾਰ, CBI ਨੇ ਇਸ ਮਾਮਲੇ ਵਿੱਚ ਐੱਫਆਈਆਰ ਨੰਬਰ RC0512026S0003 ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਮਾਮਲਾ ਮਾਨਸਾ ਦੇ ਥਾਣਾ ਸਿਟੀ-2 ਵਿੱਚ ਐੱਫਆਈਆਰ ਨੰਬਰ 269, ਮਿਤੀ 14 ਅਕਤੂਬਰ 2026 ਤਹਿਤ ਦਰਜ ਸੀ।ਮਾਮਲੇ ਦੀ ਅਗਲੇਰੀ ਜਾਂਚ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਜਾਂਚ ਦੀ ਨਿਗਰਾਨੀ ਡੀਆਈਜੀ ਡਾ. ਨਵਦੀਪ ਸਿੰਘ ਬਰਾੜ ਕਰਨਗੇ।ਜਾਣਕਾਰੀ ਮੁਤਾਬਕ, 13 ਅਕਤੂਬਰ 2026 ਨੂੰ ਸਵੇਰੇ ਕਰੀਬ 9 ਵਜੇ ਤੋਂ 10:30 ਵਜੇ ਦਰਮਿਆਨ ਮਾਨਸਾ ਵਿੱਚ ਅਸ਼ਵਨੀ ਮੈਡੀਕਲ ਸਟੋਰ ਨੇੜੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਸੀ।ਇਸ ਮਾਮਲੇ ਵਿੱਚ ਮ੍ਰਿਤਕ ਦੇ ਪਿਤਾ ਭੀਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਸ਼ਵਨੀ ਕੁਮਾਰ ਅਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS), 2023 ਦੀਆਂ ਧਾਰਾਵਾਂ 103(1), 109, 118(1), 61(2) ਅਤੇ 3(5) ਤੋਂ ਇਲਾਵਾ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕਾਰਵਾਈ ਕੀਤੀ ਗਈ ਹੈ।ਇਸ ਮਾਮਲੇ ਦੀ ਜਾਂਚ CBI ਨੂੰ ਸੌਂਪਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ 20 ਅਕਤੂਬਰ 2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।ਇਸ ਤੋਂ ਬਾਅਦ ਭਾਰਤ ਸਰਕਾਰ ਦੇ ਕਾਰਮਿਕ ਅਤੇ ਸਿਖਲਾਈ ਵਿਭਾਗ ਨੇ 21 ਅਕਤੂਬਰ ਨੂੰ ਦਿੱਲੀ ਵਿਸ਼ੇਸ਼ ਪੁਲਿਸ ਸਥਾਪਨਾ ਐਕਟ, 1946 ਦੀਆਂ ਧਾਰਾਵਾਂ 5 ਅਤੇ 6 ਤਹਿਤ ਲੋੜੀਂਦੀ ਪ੍ਰਵਾਨਗੀ ਦਿੱਤੀ। ਇਸ ਪ੍ਰਕਿਰਿਆ ਤੋਂ ਬਾਅਦ CBI ਨੇ ਮਾਮਲਾ ਆਪਣੇ ਹੱਥਾਂ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
SikhDiary