ਪੰਜਾਬ ‘ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਬੰਦ, ਸਫ਼ਰ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਜਲੰਧਰ: ਪੰਜਾਬ ਵਿੱਚ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਅਨ ਨਾਲ ਸਬੰਧਤ ਲਗਭਗ 7,500 ਮੁਲਾਜ਼ਮਾਂ ਨੇ ਬੀਤੀਂ ਰਾਤ 12 ਵਜੇ ਤੋਂ ਕੰਮ ਬੰਦ ਕਰ ਦਿੱਤਾ ਹੈ। ਇਸ ਕਾਰਨ ਕਰੀਬ 3,000 ਸਰਕਾਰੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹਿ ਸਕਦੀ ਹੈ। ਪਹਿਲਾਂ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਂਦੀ ਸੀ, ਪਰ ਇਸ ਵਾਰ ਅਗਲੇ ਫ਼ੈਸਲੇ ਤੱਕ ਬੱਸਾਂ ਚਲਾਉਣ ਬਾਰੇ ਕੋਈ ਪੱਕੀ ਤਾਰੀਖ਼ ਨਹੀਂ ਦਿੱਤੀ ਗਈ।ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਲਈ ਆਰ-ਪਾਰ ਦੀ ਲੜਾਈ ਲੜਨ ਦੇ ਮੂਡ ਵਿੱਚ ਹਨ। ਹੜਤਾਲ ਦੌਰਾਨ ਵਿਭਾਗ ਦੇ ਪੱਕੇ ਮੁਲਾਜ਼ਮਾਂ ਰਾਹੀਂ ਬੱਸਾਂ ਚਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਹਾਲਾਂਕਿ, ਡਿਪੂਆਂ ਵਿੱਚ ਪੱਕੇ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਬੱਸ ਸੇਵਾਵਾਂ ਆਮ ਵਾਂਗ ਚੱਲਣੀਆਂ ਮੁਸ਼ਕਲ ਮੰਨੀਆਂ ਜਾ ਰਹੀਆਂ ਹਨ। ਇਸ ਦਾ ਸਿੱਧਾ ਅਸਰ ਰੋਜ਼ਾਨਾ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ‘ਤੇ ਪੈ ਸਕਦਾ ਹੈ।ਹੜਤਾਲ ਦੇ ਮੱਦੇਨਜ਼ਰ ਲੰਬੇ ਰੂਟਾਂ ਦੀਆਂ ਬੱਸਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਪੰਜਾਬ ਤੋਂ ਬਾਹਰ ਜਾਣ ਵਾਲੀਆਂ ਬੱਸਾਂ ਨਾ ਮਿਲਣ ਕਾਰਨ ਕਈ ਯਾਤਰੀਆਂ ਨੂੰ ਬੱਸ ਅੱਡਿਆਂ ਤੋਂ ਵਾਪਸ ਪਰਤਣਾ ਪਿਆ।ਯੂਨੀਅਨ ਆਗੂਆਂ ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਜਨਰਲ ਸਕੱਤਰ ਰਣਜੀਤ ਸਿੰਘ, ਹਰਜਿੰਦਰ ਸਿੰਘ ਅਤੇ ਡਿਪੂ-1 ਦੇ ਚਾਨਣ ਸਿੰਘ ਚਾਨਣਾ ਤੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਹੜਤਾਲ ਦੌਰਾਨ ਬੱਸ ਅੱਡਿਆਂ ਅਤੇ ਡਿਪੂਆਂ ਵਿੱਚ ਰੋਸ ਧਰਨੇ ਦਿੱਤੇ ਜਾਣਗੇ।ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੀ ਮੁੱਖ ਮੰਗ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ। ਇਸ ਤੋਂ ਇਲਾਵਾ, ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਿੱਧੇ ਵਿਭਾਗ ਰਾਹੀਂ ਲੈਣ ਦੀ ਮੰਗ ਵੀ ਕੀਤੀ ਜਾ ਰਹੀ ਹੈ।ਯੂਨੀਅਨ ਆਗੂਆਂ ਨੇ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ਲਈ ਟੈਂਡਰ ਖੋਲ੍ਹਣ ‘ਤੇ ਵੀ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਰਕਾਰੀ ਬੱਸ ਸੇਵਾ ਵਿੱਚ ਨਿੱਜੀਕਰਨ ਨੂੰ ਉਤਸ਼ਾਹ ਮਿਲੇਗਾ ਅਤੇ ਇਸ ਦਾ ਅਸਰ ਆਮ ਲੋਕਾਂ ‘ਤੇ ਪਵੇਗਾ।ਆਗੂਆਂ ਮੁਤਾਬਕ, ਆਊਟਸੋਰਸਿੰਗ ਰਾਹੀਂ ਮੁਲਾਜ਼ਮਾਂ ਦੀਆਂ ਸੇਵਾਵਾਂ ਲੈਣ ਕਾਰਨ ਵਿਭਾਗ ਨੂੰ ਹਰ ਸਾਲ 25 ਕਰੋੜ ਰੁਪਏ ਤੋਂ ਵੱਧ ਜੀ.ਐੱਸ.ਟੀ. ਦੇ ਰੂਪ ਵਿੱਚ ਖ਼ਰਚ ਕਰਨੇ ਪੈਂਦੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਮੁਲਾਜ਼ਮਾਂ ਨੂੰ ਸਿੱਧੇ ਵਿਭਾਗ ਅਧੀਨ ਲਿਆਉਣ ਨਾਲ ਇਸ ਖ਼ਰਚ ਨੂੰ ਘਟਾਇਆ ਜਾ ਸਕਦਾ ਹੈ।ਯਾਤਰੀਆਂ ਲਈ ਅਹਿਮ ਸਲਾਹ: ਹੜਤਾਲ ਕਾਰਨ ਬੱਸਾਂ ਦੇ ਰੂਟ ਅਤੇ ਸਮਾਂ-ਸਾਰਣੀ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਸਫ਼ਰ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਸਬੰਧਤ ਬੱਸ ਅੱਡੇ ਤੋਂ ਬੱਸ ਦੀ ਉਪਲਬਧਤਾ ਬਾਰੇ ਜਾਣਕਾਰੀ ਜ਼ਰੂਰ ਲੈ ਲਵੋ।