ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ: ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 18 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਮੰਗ ਦਾ ਵਿਰੋਧ ਕੀਤਾ ਹੈ।ਬਲਵੰਤ ਸਿੰਘ ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਉਹ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਦੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਲੈਣ ਵਿੱਚ ਹੋ ਰਹੀ ਦੇਰੀ ਨੂੰ ਆਧਾਰ ਬਣਾ ਕੇ ਸਜ਼ਾ ਬਦਲਣ ਦੀ ਮੰਗ ਕੀਤੀ ਗਈ ਹੈ।ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਕੇ.ਐੱਮ. ਨਟਰਾਜ ਨੇ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਸਾਹਮਣੇ ਆਪਣਾ ਪੱਖ ਰੱਖਿਆ।ਕੇਂਦਰ ਸਰਕਾਰ ਨੇ ਪਟੀਸ਼ਨ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਸ ਨੂੰ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਵੱਲੋਂ ਮਾਮਲੇ ਵਿੱਚ ਵਿਸਥਾਰ ਨਾਲ ਦਲੀਲਾਂ ਪੇਸ਼ ਕਰਨ ਦੀ ਗੱਲ ਵੀ ਕਹੀ ਗਈ।ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਲੰਬੇ ਸਮੇਂ ਤੋਂ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਰਹਿਮ ਦੀ ਅਪੀਲ ’ਤੇ ਅਜੇ ਤੱਕ ਫ਼ੈਸਲਾ ਨਹੀਂ ਹੋਇਆ। ਇਸੇ ਦੇ ਆਧਾਰ ’ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ।ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 18 ਨਵੰਬਰ ਦੀ ਤਰੀਕ ਤੈਅ ਕਰ ਦਿੱਤੀ ਹੈ। ਹੁਣ ਅਗਲੀ ਸੁਣਵਾਈ ਦੌਰਾਨ ਇਸ ਮਾਮਲੇ ਵਿੱਚ ਹੋਰ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ।