ਝੋਟਾ ਮਾਮਲੇ ਦੌਰਾਨ ਮਾਨਸਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਬਦਲਾਅ

ਮਾਨਸਾ: ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਦਰਮਿਆਨ ਮਾਨਸਾ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜ਼ਿਲ੍ਹੇ ਦੀਆਂ ਤਿੰਨੇ ਸਬ-ਡਵੀਜ਼ਨਾਂ ਵਿੱਚ ਤਾਇਨਾਤ ਡੀ.ਐੱਸ.ਪੀ ਦੇ ਤਬਾਦਲੇ ਕਰ ਦਿੱਤੇ ਗਏ ਹਨ।ਜਾਣਕਾਰੀ ਅਨੁਸਾਰ, ਮਾਨਸਾ ਦੇ ਡੀ.ਐੱਸ.ਪੀ ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ਵਾਧੂ ਚਾਰਜ ਡੀ.ਐੱਸ.ਪੀ ਪੁਸ਼ਪਿੰਦਰ ਸਿੰਘ ਗਿੱਲ ਨੂੰ ਸੌਂਪਿਆ ਗਿਆ ਸੀ। ਹੁਣ ਗੁਰਪ੍ਰਤਾਪ ਸਿੰਘ ਨੂੰ ਮਾਨਸਾ ਦਾ ਨਵਾਂ ਡੀ.ਐੱਸ.ਪੀ ਨਿਯੁਕਤ ਕੀਤਾ ਗਿਆ ਹੈ।ਇਸੇ ਤਰ੍ਹਾਂ ਬਠਿੰਡਾ ਦਿਹਾਤੀ ਵਿੱਚ ਤਾਇਨਾਤ ਡੀਐੱਸਪੀ ਹਰਵਿੰਦਰ ਸਿੰਘ ਸਰਾਂ ਨੂੰ ਸਰਦੂਲਗੜ੍ਹ ਦਾ ਚਾਰਜ ਦਿੱਤਾ ਗਿਆ ਹੈ, ਜਦਕਿ ਬਠਿੰਡਾ ਸਪੈਸ਼ਲ ਬ੍ਰਾਂਚ ਦੇ ਡੀਐੱਸਪੀ ਸਰਬਜੀਤ ਸਿੰਘ ਬਰਾੜ ਨੂੰ ਬੁਢਲਾਡਾ ਵਿਖੇ ਤਾਇਨਾਤ ਕੀਤਾ ਗਿਆ ਹੈ।ਉੱਧਰ, ਬੁਢਲਾਡਾ ਦੇ ਡੀਐੱਸਪੀ ਸਿਕੰਦਰ ਸਿੰਘ ਦਾ ਤਬਾਦਲਾ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐੱਸਪੀ ਪੱਧਰ ਦੇ ਤਿੰਨ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ‘ਤੇ ਮਾਨਸਾ ਵਿੱਚ ਤਾਇਨਾਤ ਕੀਤਾ ਗਿਆ ਹੈ।ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਦੇ ਮੋਰਚੇ ਦਰਮਿਆਨ ਹੋਏ ਇਸ ਪੁਲਿਸ ਪ੍ਰਸ਼ਾਸਨਿਕ ਫੇਰਬਦਲ ਨੂੰ ਅਹਿਮ ਮੰਨਿਆ ਜਾ ਰਿਹਾ ਹੈ।