ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਮੌਤ

ਪਠਾਨਕੋਟ : ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਭਿਆਨਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਨਾ ਪੁਲ ਦੇ ਪਿੱਛੇ ਇੱਕ ਪੈਲੇਸ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸਕੂਟੀ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਜੰਡ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਹਾਦਸੇ ਨਾਲ ਪਰਿਵਾਰ ਵਿੱਚ ਭਾਰੀ ਸੋਗ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਆਪਣੇ ਪਿਤਾ ਜਗੀਰ ਸਿੰਘ ਲਈ ਦਵਾਈ ਲੈਣ ਲਈ ਸਕੂਟੀ ’ਤੇ ਪਠਾਨਕੋਟ ਵੱਲ ਆ ਰਿਹਾ ਸੀ। ਜਦੋਂ ਉਹ ਸਰਨਾ ਪੁਲ ਦੇ ਪਿੱਛੇ ਬਣੇ ਪੈਲੇਸ ਦੇ ਸਾਹਮਣੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਲਖਵਿੰਦਰ ਸਿੰਘ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਪਛਾਣ ਕੀਤੀ ਅਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਫੋਨ ‘ਤੇ ਘਟਨਾ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਪਿੰਡ ਜੰਡ ਤੋਂ ਪਠਾਨਕੋਟ ਪੁੱਜੇ। ਮ੍ਰਿਤਕ ਦੀ ਪਤਨੀ ਮਨਵੀਰ ਕੌਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਵਿਆਹ ਕਰੀਬ 11 ਸਾਲ ਪਹਿਲਾਂ ਲਖਵਿੰਦਰ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸਵੇਰੇ ਕਰੀਬ 11 ਵਜੇ ਆਪਣੇ ਪਤੀ ਦੇ ਮੋਬਾਈਲ ‘ਤੇ ਫ਼ੋਨ ਕੀਤਾ ਤਾਂ ਫ਼ੋਨ ਕਿਸੇ ਅਣਪਛਾਤੇ ਵਿਅਕਤੀ ਨੇ ਚੁੱਕਿਆ, ਜਿਸ ਨੇ ਆਪਣੀ ਜਾਣ-ਪਛਾਣ ਥਾਣਾ ਸਦਰ ਦਾ ਕੋਈ ਵਿਅਕਤੀ ਦੱਸ ਕੇ ਉਸ ਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ । ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ।