ਪੰਜਾਬ ‘ਚ AAP ਅੱਜ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਅੱਜ ਦੁਪਹਿਰ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (PAC) ਦੀ ਮੀਟਿੰਗ ਤੋਂ ਬਾਅਦ ਇਸ ਸਬੰਧੀ ਜਾਣਕਾਰੀ ਦਿੱਤੀ।ਹਾਲਾਂਕਿ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਸ਼ਨੀਵਾਰ ਨੂੰ PAC ਦੀ ਮੁੜ ਮੀਟਿੰਗ ਹੋਵੇਗੀ। ਸੂਤਰਾਂ ਮੁਤਾਬਕ ਪਹਿਲੀ ਸੂਚੀ ਵਿੱਚ ਕਰੀਬ 15 ਤੋਂ 20 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚ ਮੌਜੂਦਾ ਮੰਤਰੀਆਂ, ਲਗਾਤਾਰ ਦੋ ਵਾਰ ਚੋਣ ਜਿੱਤਣ ਵਾਲੇ ਵਿਧਾਇਕਾਂ ਅਤੇ ਨਵੇਂ ਨਿਯੁਕਤ ਹਲਕਾ ਇੰਚਾਰਜਾਂ ਨੂੰ ਤਰਜੀਹ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਇਸ ਦੇ ਨਾਲ ਹੀ ਪਾਰਟੀ ਅੰਦਰ 30 ਤੋਂ 40 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀ ਵੀ ਚਰਚਾ ਹੈ। ਹਾਲਾਂਕਿ ਇਸ ਬਾਰੇ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਅਹਿਮ ਬੈਠਕ ਹੋਈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਜੈਸਮੀਨ ਸ਼ਾਹ ਮੌਜੂਦ ਰਹੇ।ਇਸ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨਾਲ ਜੁੜੇ। ਬੈਠਕ ਦੌਰਾਨ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣਾਂ, ਮੰਤਰੀਆਂ ਅਤੇ ਵਿਧਾਇਕਾਂ ਦੇ ਕੰਮਕਾਜ ਅਤੇ ਹਲਕਾ ਇੰਚਾਰਜਾਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ।ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਆਮ ਆਦਮੀ ਪਾਰਟੀ ਇਸ ਵਾਰ ਉਮੀਦਵਾਰਾਂ ਦੀ ਚੋਣ ਵਿੱਚ ਨਵੇਂ ਚਿਹਰਿਆਂ ਨੂੰ ਵੀ ਮੌਕਾ ਦੇ ਸਕਦੀ ਹੈ। ਜਿਨ੍ਹਾਂ ਵਿਧਾਇਕਾਂ ਜਾਂ ਹਲਕਾ ਇੰਚਾਰਜਾਂ ਦੀ ਕਾਰਗੁਜ਼ਾਰੀ ਪਾਰਟੀ ਦੇ ਸਰਵੇਖਣਾਂ ਵਿੱਚ ਚੰਗੀ ਰਹੀ ਹੈ, ਉਨ੍ਹਾਂ ਦੇ ਨਾਂ ਪਹਿਲੀ ਸੂਚੀ ਵਿੱਚ ਆਉਣ ਦੀ ਸੰਭਾਵਨਾ ਹੈ।ਸੂਤਰਾਂ ਅਨੁਸਾਰ, 30 ਤੋਂ 40 ਵਿਧਾਇਕਾਂ ਦੀਆਂ ਟਿਕਟਾਂ ਬਦਲਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੀ PAC ਦੀ ਮੀਟਿੰਗ ਅਤੇ ਦੁਪਹਿਰ 12 ਵਜੇ ਜਾਰੀ ਹੋਣ ਵਾਲੀ ਪਹਿਲੀ ਸੂਚੀ ’ਤੇ ਟਿਕੀਆਂ ਹੋਈਆਂ ਹਨ।