BBMB ਵਿੱਚ ਹੋਵੇਗੀ ਸਿੱਧੀ ਭਰਤੀ, 2,452 ਅਸਾਮੀਆਂ ਲਈ ਸੇਵਾ ਨਿਯਮ ਮਨਜ਼ੂਰ
ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਵਿੱਚ 2,452 ਅਸਾਮੀਆਂ ਵਾਲੇ ਵੱਖਰੇ ਕਾਡਰ ਦੇ ਵਿਭਾਗੀ ਸੇਵਾ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਇਨ੍ਹਾਂ ਅਸਾਮੀਆਂ ‘ਤੇ ਸਿੱਧੀ ਭਰਤੀ ਦਾ ਰਸਤਾ ਸਾਫ਼ ਹੋ ਗਿਆ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲ ਸਕਣਗੇ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ, ਪੰਜਾਬ ਵੱਲੋਂ BBMB ਦੇ ਕੁੱਲ ਖ਼ਰਚਿਆਂ ਵਿੱਚ 40 ਫ਼ੀਸਦੀ ਵਿੱਤੀ ਹਿੱਸਾ ਪਾਇਆ ਜਾਂਦਾ ਹੈ। ਇਸ ਦੇ ਬਾਵਜੂਦ ਬੋਰਡ ਵਿੱਚ ਪੰਜਾਬ ਦੇ ਹਿੱਸੇ ਵਾਲੀਆਂ ਕਈ ਅਸਾਮੀਆਂ ਖ਼ਾਲੀ ਰਹਿ ਜਾਂਦੀਆਂ ਹਨ ਅਤੇ ਇਨ੍ਹਾਂ ‘ਤੇ ਹੋਰਨਾਂ ਸੂਬਿਆਂ ਦੇ ਮੁਲਾਜ਼ਮ ਤਾਇਨਾਤ ਹੋ ਜਾਂਦੇ ਹਨ। ਇਸ ਸਥਿਤੀ ਨੂੰ ਬਦਲਣ ਅਤੇ BBMB ਵਿੱਚ ਪੰਜਾਬ ਦੀ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਉਣ ਲਈ ਵੱਖਰਾ ਕਾਡਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ।ਜ਼ਿਕਰਯੋਗ ਹੈ ਕਿ 15 ਨਵੰਬਰ 2025 ਨੂੰ ਪੰਜਾਬ ਕੈਬਨਿਟ ਨੇ 2,452 ਅਸਾਮੀਆਂ ਵਾਲੇ ਵਿਸ਼ੇਸ਼ ਕਾਡਰ ਨੂੰ ਮਨਜ਼ੂਰੀ ਦਿੱਤੀ ਸੀ। ਹੁਣ ਇਸ ਕਾਡਰ ਦੇ ਸੇਵਾ ਨਿਯਮਾਂ ਨੂੰ ਵੀ ਹਰੀ ਝੰਡੀ ਮਿਲ ਗਈ ਹੈ, ਜਿਸ ਨਾਲ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਰਾਹ ਖੁੱਲ੍ਹ ਗਿਆ ਹੈ। ਸਰਕਾਰ ਅਨੁਸਾਰ ਇਸ ਫ਼ੈਸਲੇ ਨਾਲ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਮੌਕੇ ਮਿਲਣਗੇ, ਉੱਥੇ ਹੀ BBMB ਵਿੱਚ ਸੂਬੇ ਦੀ ਨੁਮਾਇੰਦਗੀ ਨੂੰ ਵੀ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
SikhDiary