ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਜਾਰੀ ਨੋਟਿਸ

ਪੰਜਾਬ : ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਨੇ ਬੀਤੇ ਦਿਨ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਹ ਨਿਰਦੇਸ਼ CAQM ਦੇ ਮੈਂਬਰ ਸਕੱਤਰ ਤਰੁਣ ਪੀਥੋਡੇ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੇ ਗਏ। ਮੀਟਿੰਗ ਵਿੱਚ ਫਰੀਦਕੋਟ, ਫਿਰੋਜ਼ਪੁਰ, ਬਰਨਾਲਾ, ਬਠਿੰਡਾ, ਪਟਿਆਲਾ, ਮਲੇਰਕੋਟਲਾ ਅਤੇ ਸੰਗਰੂਰ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਸੀਨੀਅਰ ਪੁਲਿਸ ਕਪਤਾਨ ਹਾਜ਼ਰ ਹੋਏ। CAQM ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਮੈਂਬਰ ਸਕੱਤਰ ਤਰੁਣ ਪੀਥੋਡੇ ਨੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਇੱਕ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਵਿੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਅਤੇ ਪਰਾਲੀ ਪ੍ਰਬੰਧਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਕਮਿਸ਼ਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਪ੍ਰਭਾਵੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਕਿਸਾਨਾਂ ਵਿੱਚ ਜਾਗਰੂਕਤਾ ਮੁਹਿੰਮ ਤੇਜ਼ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਮੁਲਾਜ਼ਮਾਂ ਸਮੇਤ ਪ੍ਰਸ਼ਾਸਨਿਕ ਅਮਲੇ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।