CM ਮਾਨ ਨੇ ਕੀਤਾ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ
ਪੰਜਾਬ ਸਰਕਾਰ ਮੁਤਾਬਕ, ਇਨ੍ਹਾਂ ਵਾਟਰ ਟ੍ਰੀਟਮੈਂਟ ਪਲਾਂਟਾਂ ਰਾਹੀਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਪਿੰਡ ਮੰਡੋਲੀ ਵਿੱਚ ਹੋਏ ਉਦਘਾਟਨੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਘਨੌਰ ਹਲਕੇ ਦੇ ਲੋਕਾਂ ਲਈ ਦੀਵਾਲੀ ਦਾ ਤੋਹਫ਼ਾ ਕਰਾਰ ਦਿੱਤਾ।ਮੰਡੋਲੀ ਵਿਖੇ ਲਗਾਏ ਗਏ ਵਾਟਰ ਟ੍ਰੀਟਮੈਂਟ ਪਲਾਂਟ ਨਾਲ ਘਨੌਰ ਹਲਕੇ ਦੇ 204 ਪਿੰਡਾਂ ਨੂੰ ਲਾਭ ਮਿਲਣ ਦੀ ਗੱਲ ਕਹੀ ਗਈ ਹੈ। ਮੁੱਖ ਮੰਤਰੀ ਨੇ ਸਮਾਗਮ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਹੋਵੇਗਾ।ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਈਆਂ। ਉਨ੍ਹਾਂ ਸਿੱਖਿਆ ਦੇ ਖੇਤਰ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਸਾਲ 2022 ਵਿੱਚ ਪੰਜਾਬ ਦੇ 80 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵਧ ਕੇ 882 ਹੋ ਗਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਦਿਨ ਸਮੇਂ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਹਿਰੀ ਪਾਣੀ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ।ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਦਲ ਬਦਲਣ ਵਾਲੇ ਆਗੂਆਂ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਭਾਜਪਾ ਅਤੇ ਕਾਂਗਰਸ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਵੀ ਕਾਂਗਰਸ ਦਾ ਹੀ ਇੱਕ ਹਿੱਸਾ ਹੈ। ਉਨ੍ਹਾਂ ਵਿਰੋਧੀ ਆਗੂਆਂ ’ਤੇ ਜਨਤਕ ਤੌਰ ’ਤੇ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਨ ਅਤੇ ਨਿੱਜੀ ਸਮਾਗਮਾਂ ਵਿੱਚ ਮਿਲਣ-ਜੁਲਣ ਦੇ ਦੋਸ਼ ਲਗਾਏ। ਮਾਨ ਨੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂ ਲੋਕਾਂ ਦੇ ਭਰੋਸੇ ਨਾਲ ਧੋਖਾ ਕਰ ਰਹੇ ਹਨ।ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਉਤਸ਼ਾਹ ਦਰਸਾਉਂਦਾ ਹੈ ਕਿ ਉਹ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੌਕਾ ਦੇਣ ਲਈ ਤਿਆਰ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਆਸੀ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਬਾਕੀ ਵਿਰੋਧੀ ਪਾਰਟੀਆਂ ਵਿਚਕਾਰ ਹੈ। ਮਾਨ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਲ ਹਨ, ਉਹ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਹੀਂ ਕਰਦੇ।
SikhDiary