ਸ਼ਤਾਬਗੜ੍ਹ ਦੇ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ
ਮਾਛੀਵਾੜਾ ਸਾਹਿਬ: ਨੇੜਲੇ ਪਿੰਡ ਸ਼ਤਾਬਗੜ੍ਹ ਦੇ 19 ਸਾਲਾ ਨੌਜਵਾਨ ਅਮਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।ਮ੍ਰਿਤਕ ਦੇ ਭਰਾ ਰਿੰਕੂ ਮੁਤਾਬਕ ਅਮਨਦੀਪ ਸਿੰਘ ਬੀਤੇ ਦਿਨੀਂ ਮੋਟਰਸਾਈਕਲ ਲੈ ਕੇ ਘਰੋਂ ਬਾਹਰ ਗਿਆ ਸੀ, ਪਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਉਸ ਨਾਲ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦਾ ਮੋਬਾਈਲ ਬੰਦ ਆ ਰਿਹਾ ਸੀ।ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਅਮਨਦੀਪ ਕੁਝ ਦੋਸਤਾਂ ਨਾਲ ਗਿਆ ਸੀ। ਪਰਿਵਾਰ ਮੁਤਾਬਕ ਇਨ੍ਹਾਂ ਵਿੱਚੋਂ ਕੁਝ ਨੌਜਵਾਨ ਨਸ਼ਾ ਕਰਨ ਦੇ ਆਦੀ ਦੱਸੇ ਜਾਂਦੇ ਹਨ।ਰਿੰਕੂ ਨੇ ਦੱਸਿਆ ਕਿ 15 ਸਤੰਬਰ ਨੂੰ ਪਰਿਵਾਰਕ ਮੈਂਬਰ ਭਾਲ ਕਰਦੇ ਹੋਏ ਖੇਤਾਂ ਵੱਲ ਪਹੁੰਚੇ, ਜਿੱਥੇ ਅਮਨਦੀਪ ਸਿੰਘ ਗੰਭੀਰ ਹਾਲਤ ਵਿੱਚ ਡਿੱਗਿਆ ਹੋਇਆ ਮਿਲਿਆ। ਉਸ ਦੇ ਨੇੜੇ ਮੋਟਰਸਾਈਕਲ ਵੀ ਖੜ੍ਹਾ ਸੀ। ਪਰਿਵਾਰ ਮੁਤਾਬਕ ਉਸ ਨੂੰ ਸਾਹ ਲੈਣ ਵਿੱਚ ਕਾਫੀ ਮੁਸ਼ਕਲ ਆ ਰਹੀ ਸੀ।ਨੌਜਵਾਨ ਨੂੰ ਤੁਰੰਤ ਮਾਛੀਵਾੜਾ ਦੇ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਸਮਰਾਲਾ ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪਰਿਵਾਰ ਵੱਲੋਂ ਸ਼ੱਕ ਜਤਾਇਆ ਗਿਆ ਹੈ ਕਿ ਰੰਜਿਸ਼ ਦੇ ਚੱਲਦਿਆਂ ਅਮਨਦੀਪ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਗਈ ਹੋ ਸਕਦੀ ਹੈ। ਹਾਲਾਂਕਿ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਪਰਿਵਾਰ ਵੱਲੋਂ ਦਰਜ ਕਰਵਾਏ ਬਿਆਨਾਂ ਵਿੱਚ ਓਵਰਡੋਜ਼ ਬਾਰੇ ਕੋਈ ਸਿੱਧਾ ਦੋਸ਼ ਦਰਜ ਨਹੀਂ ਕਰਵਾਇਆ ਗਿਆ।ਥਾਣਾ ਮਾਛੀਵਾੜਾ ਦੇ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਨੌਜਵਾਨ ਦੀ ਹਸਪਤਾਲ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਅਤੇ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।ਥਾਣਾ ਮੁਖੀ ਮੁਤਾਬਕ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਸਪੱਸ਼ਟ ਹੋਣਗੇ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
SikhDiary