A.S.I ਕਤਲਕਾਂਡ: ਪੁਲਿਸ ਮੁਕਾਬਲੇ ’ਚ ਇੱਕ ਮੁਲਜ਼ਮ ਢੇਰ, ਦੂਜਾ ਫਰਾਰ

ਅੰਮ੍ਰਿਤਸਰ: ਡਿਊਟੀ ਦੌਰਾਨ ਏ.ਐਸ.ਆਈ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਮੁਲਜ਼ਮ ਨੂੰ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ, ਜਦਕਿ ਉਸ ਦਾ ਦੂਜਾ ਸਾਥੀ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ। ਪੁਲਿਸ ਮੁਤਾਬਕ ਫਰਾਰ ਮੁਲਜ਼ਮ ਦੀ ਭਾਲ ਲਈ ਟੀਮਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਮੁਤਾਬਕ ਏਐਸਆਈ ਹਰਜੀਤ ਸਿੰਘ ਹੱਤਿਆਕਾਂਡ ਤੋਂ ਬਾਅਦ ਸ਼ਹਿਰ ਵਿੱਚ ਸਖ਼ਤ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਠੰਢਾ ਰੋਡ ’ਤੇ ਨਾਕੇ ਦੌਰਾਨ ਸਕੂਟੀ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਦਾ ਦਾਅਵਾ ਹੈ ਕਿ ਇਸ ਦੌਰਾਨ ਸ਼ੱਕੀਆਂ ਨੇ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਆਤਮ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ।ਪੁਲਿਸ ਅਨੁਸਾਰ ਮੁਲਜ਼ਮ ਵੱਲੋਂ ਚਾਰ ਰਾਊਂਡ ਫਾਇਰ ਕੀਤੇ ਗਏ, ਜਦਕਿ ਪੁਲਿਸ ਨੇ ਛੇ ਰਾਊਂਡ ਜਵਾਬੀ ਫਾਇਰ ਕੀਤੇ। ਇਸ ਦੌਰਾਨ ਇੱਕ ਮੁਲਜ਼ਮ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਮਾਮਲੇ ਦੇ ਤਾਰ ਪਾਕਿਸਤਾਨ ਵਿੱਚ ਬੈਠੇ ਇੱਕ ਕਥਿਤ ਹੈਂਡਲਰ ਨਾਲ ਜੁੜਨ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਦੇ ਮੁਤਾਬਕ ਮੁਲਜ਼ਮਾਂ ਨੂੰ ਪੈਸਿਆਂ ਅਤੇ ਨਸ਼ਿਆਂ ਨਾਲ ਜੁੜੇ ਲਾਭਾਂ ਦਾ ਲਾਲਚ ਦਿੱਤਾ ਗਿਆ ਸੀ। ਇਸ ਕਨੈਕਸ਼ਨ ਦੀ ਪੁਸ਼ਟੀ ਲਈ ਪੁਲਿਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ।ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਏਐਸਆਈ ਹਰਜੀਤ ਸਿੰਘ ’ਤੇ ਹਮਲੇ ਤੋਂ ਬਾਅਦ ਮੁਲਜ਼ਮ ਕਥਿਤ ਤੌਰ ’ਤੇ ਮੁੜ ਘਟਨਾ ਸਥਾਨ ’ਤੇ ਗਏ ਅਤੇ ਵੀਡੀਓ ਬਣਾਈ। ਪੁਲਿਸ ਵੱਲੋਂ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਰਾਹੀਂ ਇਸ ਪੂਰੇ ਨੈੱਟਵਰਕ ਅਤੇ ਕਥਿਤ ਹੈਂਡਲਰਾਂ ਨਾਲ ਸੰਪਰਕ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਏਐਸਆਈ ਹਰਜੀਤ ਸਿੰਘ ਦੀ ਹੱਤਿਆ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਫੁਟੇਜ, ਤਕਨੀਕੀ ਜਾਣਕਾਰੀ, ਟਾਵਰ-ਡੰਪ ਵਿਸ਼ਲੇਸ਼ਣ ਅਤੇ ਹੋਰ ਜਾਂਚੀ ਸਾਧਨਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਤਾਬਕ ਇਸੇ ਜਾਂਚ ਦੇ ਆਧਾਰ ’ਤੇ ਇੱਕ ਮੁਲਜ਼ਮ ਤੱਕ ਪਹੁੰਚ ਬਣੀ।ਏਐਸਆਈ ਹਰਜੀਤ ਸਿੰਘ ਨੂੰ 18 ਸਤੰਬਰ ਨੂੰ ਅੰਮ੍ਰਿਤਸਰ ਦੀ ਦਾਣਾ ਮੰਡੀ ਨੇੜੇ ਡਿਊਟੀ ਦੌਰਾਨ ਨਿਸ਼ਾਨਾ ਬਣਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਪੱਧਰਾਂ ’ਤੇ ਜਾਂਚ ਤੇਜ਼ ਕਰ ਦਿੱਤੀ ਸੀ।ਫਿਲਹਾਲ ਪੁਲਿਸ ਦਾ ਧਿਆਨ ਫਰਾਰ ਦੂਜੇ ਮੁਲਜ਼ਮ ਨੂੰ ਕਾਬੂ ਕਰਨ ਅਤੇ ਮਾਮਲੇ ਨਾਲ ਜੁੜੇ ਕਥਿਤ ਨੈੱਟਵਰਕ ਦੀ ਪੂਰੀ ਜਾਣਕਾਰੀ ਹਾਸਲ ਕਰਨ ’ਤੇ ਹੈ।