ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 120 ਮੋਬਾਈਲ ਬਰਾਮਦ
ਫਿਰੋਜ਼ਪੁਰ: ਚੋਰੀ ਜਾਂ ਗੁੰਮ ਹੋਏ ਮੋਬਾਈਲ ਫੋਨਾਂ ਦੀ ਭਾਲ ਕਰ ਰਹੇ ਲੋਕਾਂ ਲਈ ਫਿਰੋਜ਼ਪੁਰ ਪੁਲਸ ਵੱਲੋਂ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੁਲਸ ਨੇ ਵੱਖ-ਵੱਖ ਮਾਮਲਿਆਂ ਨਾਲ ਸਬੰਧਤ 120 ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰ ਦਿੱਤਾ ਹੈ। ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲਾਂ ਦੀ ਕੁੱਲ ਕੀਮਤ ਕਰੀਬ 30 ਲੱਖ ਰੁਪਏ ਦੱਸੀ ਜਾ ਰਹੀ ਹੈ।ਫਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਖੁਦ ਮੋਬਾਈਲ ਫੋਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਫੋਨ ਵਾਪਸ ਕੀਤੇ। ਪੁਲਸ ਮੁਤਾਬਕ ਵੱਖ-ਵੱਖ ਟੀਮਾਂ ਵੱਲੋਂ ਤਕਨੀਕੀ ਸਾਧਨਾਂ ਅਤੇ ਹੋਰ ਤਰੀਕਿਆਂ ਦੀ ਮਦਦ ਨਾਲ ਚੋਰੀ ਤੇ ਗੁੰਮ ਹੋਏ ਮੋਬਾਈਲਾਂ ਨੂੰ ਟਰੇਸ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਬਰਾਮਦ ਕੀਤਾ ਗਿਆ।ਪੁਲਸ ਨੇ ਬਰਾਮਦ ਕੀਤੇ ਮੋਬਾਈਲ ਫੋਨਾਂ ਦੀ ਮਾਲਕੀ ਦੀ ਪੁਸ਼ਟੀ ਕਰਨ ਲਈ ਸਬੰਧਤ ਦਸਤਾਵੇਜ਼ਾਂ ਅਤੇ ਪਛਾਣ ਦੀ ਜਾਂਚ ਕੀਤੀ। ਤਸਦੀਕ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੇ ਗਏ।ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਲੋਕਾਂ ਨੂੰ ਆਪਣੇ ਮੋਬਾਈਲ ਫੋਨਾਂ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਜਾਣ ਵਿਅਕਤੀ ਨਾਲ ਮੋਬਾਈਲ ਨਾਲ ਸਬੰਧਤ ਨਿੱਜੀ ਜਾਣਕਾਰੀ ਜਾਂ OTP ਸਾਂਝਾ ਨਾ ਕੀਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਈਲ ਫੋਨ ਚੋਰੀ ਹੋ ਜਾਂਦਾ ਹੈ ਜਾਂ ਕਿਤੇ ਗੁੰਮ ਹੋ ਜਾਂਦਾ ਹੈ ਤਾਂ ਬਿਨਾਂ ਦੇਰੀ ਕੀਤੇ ਪੁਲਸ ਨੂੰ ਸੂਚਿਤ ਕੀਤਾ ਜਾਵੇ। ਪੁਲਸ ਦੀ ਇਸ ਕਾਰਵਾਈ ਨਾਲ ਮੋਬਾਈਲ ਵਾਪਸ ਮਿਲਣ ’ਤੇ ਮਾਲਕਾਂ ਨੇ ਪੁਲਸ ਦਾ ਧੰਨਵਾਦ ਕੀਤਾ।
SikhDiary