ਨਾਬਾਲਗ ਖਿਡਾਰਨ ਮਾਮਲੇ ’ਚ ਪੁਲਸ ਐਕਸ਼ਨ ਤੇਜ਼, ਵਿਦੇਸ਼ੀ ਕੋਚ ਦਾ ਪਾਸਪੋਰਟ ਕਬਜ਼ੇ ’ਚ

ਪਟਿਆਲਾ: ਪਟਿਆਲਾ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਨਾਬਾਲਗ ਰਾਸ਼ਟਰੀ ਪੱਧਰ ਦੀ ਖਿਡਾਰਨ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਲੈ ਕੇ ਪੁਲਿਸ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ।ਐੱਸ.ਪੀ. ਸਿਟੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਪੀੜਤਾ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਨਾਮਜ਼ਦ ਵਿਦੇਸ਼ੀ ਸਾਈਕਲਿੰਗ ਕੋਚ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਿਸ ਅਧਿਕਾਰੀ ਮੁਤਾਬਕ ਮੁਲਜ਼ਮ ਦੀ ਭਾਲ ਲਈ ਪੁਲਿਸ ਟੀਮ ਦਿੱਲੀ ਵੀ ਗਈ ਸੀ। ਹਾਲਾਂਕਿ ਫਿਲਹਾਲ ਨਾਮਜ਼ਦ ਕੋਚ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਵੱਲੋਂ ਉਸ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਜਾਰੀ ਹੋਣ ਦੀ ਗੱਲ ਕਹੀ ਗਈ ਹੈ।ਪੁਲਿਸ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਵੀ ਮਹਿਲਾ ਪੁਲਿਸ ਅਧਿਕਾਰੀ ਦੀ ਨਿਗਰਾਨੀ ਹੇਠ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਜਾਂਚ ਨੂੰ ਅੱਗੇ ਵਧਾਉਣ ਲਈ ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਮਾਮਲੇ ਵਿੱਚ ਨਾਮਜ਼ਦ ਵਿਦੇਸ਼ੀ ਕੋਚ ਦਾ ਪਾਸਪੋਰਟ ਵੀ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ ਅਤੇ ਜਾਂਚ ਦੇ ਅਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫਿਲਹਾਲ ਅਧਿਕਾਰੀਆਂ ਨੇ ਪੀੜਤਾ ਨਾਲ ਸਬੰਧਤ ਪਛਾਣਯੋਗ ਜਾਣਕਾਰੀ ਜਨਤਕ ਨਹੀਂ ਕੀਤੀ ਹੈ।