ਅੰਮ੍ਰਿਤਸਰ ’ਚ ਬਾਈਕ ਸਵਾਰਾਂ ਦੀ ਦਹਿਸ਼ਤ, ਮਹਿਲਾ ਨੂੰ ਬਣਾਇਆ ਨਿਸ਼ਾਨਾ

ਅੰਮ੍ਰਿਤਸਰ: ਪਿੰਡ ਸੈਦੋਲੇਹਲ ਵਿੱਚ ਦਿਨ-ਦਿਹਾੜੇ ਝਪਟਮਾਰੀ ਦੀ ਵਾਰਦਾਤ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਪਿੰਡ ਦੀ ਮੌਜੂਦਾ ਸਰਪੰਚ ਅਮਰਜੀਤ ਕੌਰ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਦੇ ਕੰਨਾਂ ਤੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।ਜਾਣਕਾਰੀ ਮੁਤਾਬਕ ਅਮਰਜੀਤ ਕੌਰ ਆਪਣੇ ਘਰ ਵਿੱਚ ਮੌਜੂਦ ਸਨ, ਜਦਕਿ ਉਨ੍ਹਾਂ ਦੀ ਪੋਤੀ ਬਾਹਰ ਐਕਟਿਵਾ ਧੋ ਰਹੀ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਘਰ ਦੇ ਬਾਹਰ ਆ ਕੇ ਖੜ੍ਹੇ ਹੋ ਗਏ। ਉਨ੍ਹਾਂ ਨੇ ਪੋਤੀ ਨੂੰ ਸਰਪੰਚ ਨੂੰ ਬਾਹਰ ਬੁਲਾਉਣ ਲਈ ਕਿਹਾ।ਅਮਰਜੀਤ ਕੌਰ ਦੇ ਬਾਹਰ ਆਉਣ ’ਤੇ ਇੱਕ ਨੌਜਵਾਨ ਉਨ੍ਹਾਂ ਨਾਲ ਗੱਲਬਾਤ ਕਰਨ ਲੱਗ ਪਿਆ, ਜਦਕਿ ਉਸ ਦਾ ਸਾਥੀ ਮੋਟਰਸਾਈਕਲ ’ਤੇ ਬੈਠਾ ਰਿਹਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਕਿਸੇ ਘਰ ਬਾਰੇ ਪੁੱਛਣ ਅਤੇ ਮੁਰਗਿਆਂ ਸਬੰਧੀ ਗੱਲ ਕਰਨ ਦੇ ਬਹਾਨੇ ਉਨ੍ਹਾਂ ਦਾ ਧਿਆਨ ਭਟਕਾਇਆ।ਇਸੇ ਦੌਰਾਨ ਮੌਕਾ ਮਿਲਦੇ ਹੀ ਇੱਕ ਨੌਜਵਾਨ ਨੇ ਅਮਰਜੀਤ ਕੌਰ ਦੇ ਕੰਨਾਂ ਤੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ। ਸਰਪੰਚ ਨੇ ਬਦਮਾਸ਼ਾਂ ਨੂੰ ਰੋਕਣ ਅਤੇ ਫੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੋਈ ਖਿੱਚ-ਧੂਹ ਵਿੱਚ ਉਹ ਸੜਕ ’ਤੇ ਡਿੱਗ ਪਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ।ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 113 ਦਰਜ ਕੀਤਾ ਗਿਆ ਹੈ।ਪੁਲਿਸ ਵੱਲੋਂ ਵਾਰਦਾਤ ਵਾਲੀ ਥਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫੁਟੇਜ ਵਿੱਚ ਦੋ ਸ਼ੱਕੀ ਨੌਜਵਾਨ ਮੋਟਰਸਾਈਕਲ ’ਤੇ ਜਾਂਦੇ ਦਿਖਾਈ ਦੇ ਰਹੇ ਹਨ। ਪੁਲਿਸ ਉਨ੍ਹਾਂ ਦੇ ਹੁਲੀਆ ਅਤੇ ਮੋਟਰਸਾਈਕਲ ਦੇ ਆਧਾਰ ’ਤੇ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ। ਉੱਧਰ, ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਲੋਕਾਂ ਨੇ ਪੁਲਿਸ ਤੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।