ਪੀਰ ਬਾਬਾ ਜੁੜਵਾ ਸ਼ਾਹ ਮੇਲੇ ’ਚ ਵੱਡਾ ਹਾਦਸਾ, 2 ਦੀ ਮੌਤ, 3 ਜ਼ਖਮੀ
ਸੁਨਾਮ: ਸੁਨਾਮ ਵਿੱਚ ਪੀਰ ਬਾਬਾ ਜੁੜਵਾ ਸ਼ਾਹ ਦੇ ਮੇਲੇ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਮੇਲੇ ਵਿੱਚ ਲੱਗੀ ਗੋਲਗੱਪਿਆਂ ਦੀ ਸਟਾਲ ਨੇੜੇ ਅਚਾਨਕ ਕਰੰਟ ਫੈਲਣ ਕਾਰਨ ਕਈ ਲੋਕ ਇਸ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਪੰਜ ਵਿਅਕਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ, ਜਿਨ੍ਹਾਂ ਵਿੱਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ।ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਪਹੁੰਚਾਇਆ ਗਿਆ। ਇੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤਿੰਨ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਤੋਂ ਸਿੱਧੇ ਸਿਵਲ ਹਸਪਤਾਲ ਸੁਨਾਮ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖਮੀਆਂ ਦਾ ਹਾਲ ਵੀ ਜਾਣਿਆ।ਅਮਨ ਅਰੋੜਾ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਪੂਰੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰੀ ਤੈਅ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
SikhDiary