ਪੰਜਾਬ ਦੇ 3 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਦੇ ਮੌਸਮ ਨੂੰ ਲੈ ਕੇ ਅੱਜ ਦਾ ਦਿਨ ਜ਼ਿਆਦਾਤਰ ਸੁੱਕਾ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਤੋਂ ਮੌਨਸੂਨ ਦੀ ਵਾਪਸੀ ਦਾ ਦੌਰ ਜਾਰੀ ਹੈ। ਮੌਨਸੂਨ ਦੀ ਵਾਪਸੀ ਵਾਲੀ ਰੇਖਾ ਇਸ ਸਮੇਂ ਗੁਰਦਾਸਪੁਰ ਅਤੇ ਚੰਡੀਗੜ੍ਹ ਦੇ ਇਲਾਕੇ ਵਿੱਚੋਂ ਲੰਘ ਰਹੀ ਹੈ। ਇਸ ਕਾਰਨ ਸੂਬੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੀਆਂ ਗਤੀਵਿਧੀਆਂ ਘੱਟ ਰਹਿਣ ਦੀ ਸੰਭਾਵਨਾ ਹੈ।ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਤਾਪਮਾਨ ਹੁਣ ਵੀ ਆਮ ਪੱਧਰ ਦੇ ਨੇੜੇ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜ ਦਾ ਪੰਜਾਬ ਅਤੇ ਚੰਡੀਗੜ੍ਹ ’ਤੇ ਕੋਈ ਵੱਡਾ ਪ੍ਰਭਾਵ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਹਫ਼ਤੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿ ਸਕਦਾ ਹੈ ਅਤੇ ਮੀਂਹ ਦੀ ਸੰਭਾਵਨਾ ਘੱਟ ਰਹੇਗੀ।ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।