ਨੌਜਵਾਨ ਦੀ ਮੌਤ ਦਾ ਮਾਮਲਾ ਭਖਿਆ, ਸਰਪੰਚ ਸਮੇਤ 4 ’ਤੇ ਦੋਸ਼
ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਤੋਂ 23 ਸਾਲਾ ਨੌਜਵਾਨ ਸਨਮਦੀਪ ਸਿੰਘ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੁਤਾਬਕ ਬੀਤੇ ਦਿਨ ਸਨਮਦੀਪ ਨੇ ਘਰ ਵਿੱਚ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸੰਗਰੂਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਦੇ ਬਾਹਰ ਇਕੱਠੇ ਹੋ ਕੇ ਇਨਸਾਫ ਦੀ ਮੰਗ ਕੀਤੀ।ਪਰਿਵਾਰ ਵੱਲੋਂ ਪਿੰਡ ਦੇ ਮੌਜੂਦਾ ਸਰਪੰਚ ਦੀਪ ਸਿੰਘ ਸਮੇਤ ਤਿੰਨ ਹੋਰ ਵਿਅਕਤੀਆਂ ’ਤੇ ਸਨਮਦੀਪ ਸਿੰਘ ਨੂੰ ਕਥਿਤ ਤੌਰ ’ਤੇ ਲੰਬੇ ਸਮੇਂ ਤੋਂ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ ਹਨ।ਪਰਿਵਾਰ ਦਾ ਦਾਅਵਾ ਹੈ ਕਿ ਪੁਰਾਣੇ ਲੜਾਈ-ਝਗੜੇ ਨਾਲ ਜੁੜੇ ਵਿਵਾਦ ਕਾਰਨ ਸਨਮਦੀਪ ਨੂੰ ਕਥਿਤ ਤੌਰ ’ਤੇ ਤੰਗ ਕੀਤਾ ਜਾ ਰਿਹਾ ਸੀ। ਉਨ੍ਹਾਂ ਮੁਤਾਬਕ ਕੁਝ ਮੌਕਿਆਂ ’ਤੇ ਰਸਤੇ ਵਿੱਚ ਟਰੈਕਟਰ ਜਾਂ ਹੋਰ ਵਾਹਨਾਂ ਰਾਹੀਂ ਉਸ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੇ ਜਾਣ ਦੇ ਵੀ ਇਲਜ਼ਾਮ ਹਨ।ਪਰਿਵਾਰ ਨੇ ਦੱਸਿਆ ਕਿ ਇਸ ਪੁਰਾਣੇ ਵਿਵਾਦ ਨੂੰ ਲੈ ਕੇ ਦੋਵੇਂ ਧਿਰਾਂ ਵੱਲੋਂ ਪੁਲਿਸ ਕੋਲ ਮਾਮਲੇ ਦਰਜ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਕੋਲ ਆਪਣੀ ਸ਼ਿਕਾਇਤ ਅਤੇ ਪੱਖ ਰੱਖਣ ਦੇ ਬਾਵਜੂਦ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੋਰਚਰੀ ਦੇ ਬਾਹਰ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਪੁਲਿਸ ਵੱਲੋਂ ਮਾਮਲੇ ਵਿੱਚ ਕਾਰਵਾਈ ਦਾ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਅਤੇ ਅੰਤਿਮ ਸਸਕਾਰ ਵੀ ਨਹੀਂ ਕੀਤਾ ਜਾਵੇਗਾ।ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜੇਕਰ ਜਾਂਚ ਦੌਰਾਨ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਪਰਿਵਾਰ ਵੱਲੋਂ ਲਗਾਏ ਗਏ ਇਲਜ਼ਾਮਾਂ ਸਬੰਧੀ ਪਿੰਡ ਦੇ ਸਰਪੰਚ ਦੀਪ ਸਿੰਘ ਦਾ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਫਿਲਹਾਲ ਉਨ੍ਹਾਂ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।ਸੰਗਰੂਰ ਸਿਵਲ ਹਸਪਤਾਲ ਦੇ ਡਾਕਟਰ ਦਿਨੇਸ਼ ਕੁਮਾਰ ਮੁਤਾਬਕ ਸਨਮਦੀਪ ਸਿੰਘ ਨੂੰ ਬੀਤੇ ਦਿਨ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੋਂ ਉਸ ਨੂੰ ਅੱਗੇ ਰੈਫਰ ਕੀਤਾ ਗਿਆ। ਅੱਜ ਸਵੇਰੇ ਉਸ ਦੀ ਮ੍ਰਿਤਕ ਦੇਹ ਹਸਪਤਾਲ ਲਿਆਂਦੀ ਗਈ, ਜੋ ਇਸ ਵੇਲੇ ਮੋਰਚਰੀ ਵਿੱਚ ਰੱਖੀ ਹੋਈ ਹੈ। ਡਾਕਟਰ ਮੁਤਾਬਕ ਫਿਲਹਾਲ ਪੋਸਟਮਾਰਟਮ ਨਹੀਂ ਹੋਇਆ।ਹੁਣ ਇਸ ਮਾਮਲੇ ਵਿੱਚ ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆਵੇਗੀ। ਪਰਿਵਾਰ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਵੀ ਜਾਂਚ ਤੋਂ ਬਾਅਦ ਹੀ ਪੁਸ਼ਟੀ ਹੋ ਸਕੇਗੀ।
SikhDiary